ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ

ਗੰਨੇ ਦਾ ਸਮਰਥਨ ਮੁੱਲ ਵਧਾਉਣ ਨੂੰ ਲੈ ਕੇ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਚੱਲਦਾ ਆ ਰਿਹਾ ਸੀ। ਉੱਥੇ ਹੀ ਸੂਬੇ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਗੰਨਾ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਪਿੜਾਈ ਸੀਜ਼ਨ 2022-23 ਲਈ ਸੂਬੇ ਦੀ ਸਹਿਮਤ ਕੀਮਤ (ਐੱਸ.ਏ.ਪੀ) ਵਿਚ 20 ਰੁਪਏ ਪ੍ਰਤੀ ਕੁਇੰਟਲ ਦੇ ਹੋਰ ਕੀਤੇ ਵਾਧੇ ਦਾ ਭਰਵਾਂ ਸਵਾਗਤ ਕੀਤਾ ਹੈ। ਗੱਲਬਾਤ ਦੌਰਾਨ ਦੁਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ 380 ਰੁਪਏ ਪ੍ਰਤੀ ਕੁਇੰਟਲ ਦਾ ਮੁੱਲ ਮਿਲੇਗਾ। ਇਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਸਹਿਕਾਰਤਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ। ਦੋਵੇਂ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜਿਸ ਨੂੰ ਕੋਈ ਤਕਲੀਫ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਕੁ ਸਾਲਾਂ 'ਚ ਡੀਜ਼ਲ, ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਰੇਟ ਤੇਜ਼ੀ ਨਾਲ ਵਧੇ ਹਨ ਜਿਸ ਕਾਰਨ ਕਿਸਾਨਾਂ ਦਾ ਫਸਲ ਤਿਆਰ ਕਰਨ 'ਤੇ ਖਰਚਾ ਵੀ ਵਧ ਗਿਆ ਹੈ। ਮੌਜੂਦਾ ਸਮੇਂ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਗੰਨੇ ਦਾ ਰੇਟ ਵਧਾ ਕੇ ਕੁਝ ਰਾਹਤ ਦੇਣ ਦਾ ਕੰਮ ਕੀਤਾ ਹੈ ਤੇ ਸਰਕਾਰ ਕੋਲੋਂ ਗੰਨੇ ਦਾ ਰੇਟ 380 ਰੁਪਏ ਕਰਵਾਉਣਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਵੱਡੀ ਜਿੱਤ ਹੈ। ਉਨ੍ਹਾਂ ਸਮੂਹ ਗੰਨਾ ਕਿਸਾਨਾਂ ਨੂੰ ਵਧਾਈ ਦਿੱਤੀ ਤੇ ਭਰੋਸਾ ਦਿੱਤਾ ਕਿ ਸੰਯੁਕਤ ਕਿਸਾਨ ਮੋਰਚਾ ਹਮੇਸ਼ਾ ਉਨ੍ਹਾਂ ਦੇ ਨਾਲ ਹਰ ਸੰਘਰਸ਼ ਵਿਚ ਡਟ ਕੇ ਖੜ੍ਹੀ ਹੈ।