ਨਸ਼ਾ ਤਸਕਰਾਂ ਦੇ ਹਮਲੇ ‘ਚ ਜ਼ਖ਼ਮੀ ਸਰਪੰਚ ਦੀ ਹੋਈ ਮੌਤ
ਨਸ਼ਾ ਤਸਕਰਾਂ ਦੇ ਹਮਲੇ ‘ਚ ਜ਼ਖ਼ਮੀ ਹੋਏ ਸਰਪੰਚ ਦੀ ਹੋਈ ਮੌਤ
Publish Date: Sat, 07 Mar 2026 08:47 PM (IST)
Updated Date: Sat, 07 Mar 2026 08:51 PM (IST)

- ਜਥੇਬੰਦੀਆਂ ਨੇ ਘੇਰਿਆ ਮਹਿਤਪੁਰ ਥਾਣਾ, ਇਨਸਾਫ ਨਾ ਮਿਲਣ ਤਕ ਧਰਨਾ ਜਾਰੀ ਰੱਖਣ ਦਾ ਐਲਾਨ - ਧਰਨਾਕਾਰੀ ਬੋਲੇ - ਪੁਲਿਸ ਦੀ ਮਿਲੀ-ਭੁਗਤ ਨਾਲ ਹੋਇਆ ਕਤਲ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਬੀਤੇ ਦਿਨੀਂ ਪਿੰਡ ਬੂਟੇ ਦੀਆਂ ਛੰਨਾ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਵਿਚ ਗੰਭੀਰ ਜ਼ਖ਼ਮੀ ਹੋਏ ਸਰਪੰਚ ਮਹਿੰਦਰ ਸਿੰਘ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਸਰਪੰਚ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਤੋਂ ਰੋਹ ਵਿੱਚ ਆਏ ਦਿਹਾਤੀ ਮਜ਼ਦੂਰ ਸਭਾ ਅਤੇ ਜਮਹੂਰੀ ਕਿਸਾਨ ਸਭਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਮਹਿਤਪੁਰ ਥਾਣੇ ਦਾ ਜ਼ਬਰਦਸਤ ਘਿਰਾਓ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਨੇ ਸਿੱਧਾ ਦੋਸ਼ ਲਾਇਆ ਕਿ ਇਹ ਕਤਲ ਪੁਲਿਸ ਦੀ ਸ਼ਹਿ ‘ਤੇ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਮੁਕੱਦਮੇ ਵਿਚ ਧਾਰਾ 120-ਬੀ ਤਹਿਤ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਮੁਨਸ਼ੀ ਸੁਖਬੀਰ ਸਿੰਘ ਨੂੰ ਨਾਮਜ਼ਦ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਰਪੰਚ ਮਹਿੰਦਰ ਸਿੰਘ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਜਾਵੇ। ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪਿੰਡ ਦੇ ਪ੍ਰਾਇਮਰੀ ਸਕੂਲ ਦਾ ਨਾਮ ਸਰਪੰਚ ਮਹਿੰਦਰ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇ। ਮਨਰੇਗਾ ਯੂਨੀਅਨ ਦੇ ਸੂਬਾਈ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਕਾਮਰੇਡ ਚਰਨਜੀਤ ਸਿੰਘ ਥੰਮੂਵਾਲ ਨੇ ਕਿਹਾ ਕਿ ਪਰਿਵਾਰ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਜਦੋਂ ਤਕ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤਕ ਦਿਨ-ਰਾਤ ਧਰਨਾ ਜਾਰੀ ਰਹੇਗਾ। ਮਨਰੇਗਾ ਯੂਨੀਅਨ ਦੇ ਆਗੂ ਕਾਮਰੇਡ ਸਤਪਾਲ ਸਹੋਤਾ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਮੇਜਰ ਸਿੰਘ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਲੋਕ ਨਸ਼ਾ ਤਸਕਰਾਂ ਨੂੰ ਸਬਕ ਸਿਖਾਉਣ ਲਈ ਖ਼ੁਦ ਕਾਨੂੰਨ ਹੱਥ ਚ ਲੈਣ ਲਈ ਮਜਬੂਰ ਹੋਣਗੇ। ਇਸ ਤੋਂ ਇਲਾਵਾ ਕਿਸਾਨ ਆਗੂ ਕੇਵਲ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਮਨੋਹਰ ਗਿੱਲ, ਰਾਮ ਸਿੰਘ ਕੈਮਵਾਲਾ, ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ---- ਪੁਲਿਸ ਤੇ ਨਸ਼ਾ ਤਸਕਰਾਂ ਦੇ ਸਬੰਧਾਂ ਕਾਰਨ ਸਰਪੰਚ ਨੂੰ ਗਵਾਉਣੀ ਪਈ ਜਾਨ : ਵਿਧਾਇਕ ਸ਼ੇਰੋਵਾਲੀਆ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵੀ ਧਰਨੇ ਵਿਚ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਹਿੰਦਰ ਸਿੰਘ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਸੀ। ਸਰਪੰਚ ਨੇ ਉਨ੍ਹਾਂ ਨੂੰ ਵੀ ਕਈ ਵਾਰ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦਿੱਤੀ ਸੀ, ਜਿਸ ਬਾਰੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਵੀ ਕੀਤੀ ਸੀ। ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਕਾਰਨ ਅੱਜ ਸਰਪੰਚ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਸਰਪੰਚ ਵੱਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਸੀ ਅਤੇ ਨਸ਼ਿਆਂ ਵਿਰੁੱਧ ਲੜਦਿਆਂ ਹੀ ਸਰਪੰਚ ਦੀ ਮੌਤ ਹੋਈ ਹੈ। ਸਰਕਾਰ ਨੂੰ ਸਾਰੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਲੋਕਾਂ ਨੂੰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਵਿੱਚ ਡਟਣ ਦਾ ਸੱਦਾ ਦਿੱਤਾ। ---- ਪਰਿਵਾਰ ਨੂੰ ਦਿੱਤਾ ਜਾਵੇਗਾ ਇਨਸਾਫ : ਡੀਐੱਸਪੀ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਡੀਐਸਪੀ ਸ਼ਾਹਕੋਟ ਸੁਖਪਾਲ ਸਿੰਘ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਰਪੰਚ ‘ਤੇ ਹੋਏ ਹਮਲੇ ਵਿਚ ਸ਼ਾਮਲ 3 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਰਹਿੰਦੇ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਥਾਣੇ ਦੇ ਮੁਨਸ਼ੀ ਸੁਖਬੀਰ ਸਿੰਘ ਖ਼ਿਲਾਫ਼ ਕਾਰਵਾਈ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਡੀਐਸਪੀ ਸੁਖਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਮੁਨਸ਼ੀ ਬਾਰੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਤੌਰ ‘ਤੇ ਰਿਪੋਰਟ ਭੇਜ ਦਿੱਤੀ ਗਈ ਹੈ ਅਤੇ ਜਲਦ ਹੀ ਉਸ ‘ਤੇ ਵੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪਰਿਵਾਰ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।