ਸਰਪੰਚ 'ਤੇ ਹਮਲੇ ਖ਼ਿਲਾਫ਼ ਡੀਐੱਸਪੀ ਨੂੰ ਮਿਲੇ ਆਗੂ
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਸਰਪੰਚ 'ਤੇ ਜਾਨਲੇਵਾ ਹਮਲਾ
Publish Date: Mon, 02 Mar 2026 10:08 PM (IST)
Updated Date: Mon, 02 Mar 2026 10:10 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨਕੋਦਰ ਤਹਿਸੀਲ ਦੇ ਥਾਣਾ ਮਹਿਤਪੁਰ ਅਧੀਨ ਪੈਂਦੇ ਪਿੰਡ ਬੂਟੇ ਦੀਆਂ ਛੰਨਾਂ ਦੇ ਮੌਜੂਦਾ ਸਰਪੰਚ ਮਹਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਸੋਮਵਾਰ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਨੇ ਡੀਐੱਸਪੀ ਸ਼ਾਹਕੋਟ ਸੁਖਪਾਲ ਸਿੰਘ ਨਾਲ ਮੁਲਾਕਾਤ ਕੀਤੀ। ਪਾਰਟੀ ਆਗੂਆਂ ਨੇ ਪੁਲਿਸ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਚੁੱਕਦਿਆਂ ਮਹਿਤਪੁਰ ਪੁਲਿਸ ਦੇ ਅਧਿਕਾਰੀਆਂ ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦੇ ਵੱਡੇ ਦੋਸ਼ ਲਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰਐੱਮਪੀਆਈ ਸੂਬਾ ਪ੍ਰਧਾਨ ਦਰਸ਼ਨ ਨਾਹਰ, ਮਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਚਰਨਜੀਤ ਥੰਮੂਵਾਲ ਤੇ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲਸੀਆਂ ਨੇ ਦੱਸਿਆ ਕਿ ਸਰਪੰਚ ਮਹਿੰਦਰ ਸਿੰਘ ਆਪਣੇ ਪਿੰਡ ਅਤੇ ਇਲਾਕੇ ਵਿੱਚ ਵਿੱਕ ਰਹੇ ਚਿੱਟੇ ਦੇ ਨਸ਼ੇ ਦਾ ਸਖ਼ਤ ਵਿਰੋਧ ਕਰ ਰਿਹਾ ਹੈ ਤੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਯਤਨਸ਼ੀਲ ਹੈ। ਆਗੂਆਂ ਨੇ ਸਿੱਧਾ ਦੋਸ਼ ਲਾਇਆ ਕਿ ਸਰਪੰਚ ਨੇ ਪਹਿਲਾਂ ਹੀ ਮਹਿਤਪੁਰ ਦੇ ਐੱਸਐੱਚਓ ਪੰਕਜ ਕੁਮਾਰ ਅਤੇ ਮੁਨਸ਼ੀ ਸੁਖਬੀਰ ਸਿੰਘ ਨੂੰ ਇਨ੍ਹਾਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਸੀ। ਇੱਥੋਂ ਤੱਕ ਕਿ 10 ਫਰਵਰੀ ਨੂੰ ਪਾਰਟੀ ਦੀ ਹੋਈ ਮੀਟਿੰਗ ਵਿੱਚ ਵੀ ਸਰਪੰਚ ਨੇ ਆਪਣੇ ਤੇ ਹਮਲੇ ਦਾ ਖ਼ਦਸ਼ਾ ਪ੍ਰਗਟਾਇਆ ਸੀ। ਪਰ ਪੁਲਿਸ ਨੇ ਤਸਕਰਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ, ਸ਼ਿਕਾਇਤਕਰਤਾ ਦਾ ਨਾਂ ਤਸਕਰਾਂ ਨੂੰ ਦੱਸ ਦਿੱਤਾ, ਜਿਸਦਾ ਨਤੀਜਾ ਇਸ ਹਮਲੇ ਦੇ ਰੂਪ ਵਿੱਚ ਨਿਕਲਿਆ। ਆਗੂਆਂ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਵੱਡੇ ਮਗਰਮੱਛਾਂ (ਸਪਲਾਇਰਾਂ) ਨੂੰ ਹੱਥ ਨਹੀਂ ਪਾਇਆ ਜਾ ਰਿਹਾ। ਜਿਹੜੇ ਲੋਕ ਨਸ਼ਿਆਂ ਖਿਲਾਫ਼ ਲੜਦੇ ਹਨ, ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਐੱਸਐੱਚਓ ਤੇ ਮੁਨਸ਼ੀ ਖਿਲਾਫ਼ ਵਿਭਾਗੀ ਕਾਰਵਾਈ ਕਰਕੇ ਉਨ੍ਹਾਂ ਨੂੰ ਮੁਅੱਤਲ ਕਰਕੇ ਪਰਚਾ ਦਰਜ ਹੋਵੇ। ਇਸ ਮੌਕੇ ਡੀਐੱਸਪੀ ਸੁਖਪਾਲ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਨਾਮਜ਼ਦ ਤੇ 5-6 ਅਣਪਛਾਤੇ ਹਮਲਾਵਰਾਂ ਦੀ ਭਾਲ ਜਾਰੀ ਹੈ। ਐੱਸਐੱਚਓ ਤੇ ਮੁਨਸ਼ੀ ਦੀ ਭੂਮਿਕਾ ਦੀ ਜਾਂਚ ਕਰਕੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪਾਰਟੀ ਵੱਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।