ਅੱਖਾਂ ਦੀ ਨਿਯਮਿਤ ਜਾਂਚ ਜ਼ਰੂਰੀ : ਡਾ. ਗਰਗ
ਆਪਣੀਆਂ ਅੱਖਾਂ ਦੀ ਰੋਸ਼ਨੀ ਬਚਾਓ, ਨਿਯਮਿਤ ਸਮੇਂ 'ਤੇ ਅੱਖਾਂ ਦੀ ਜਾਂਚ ਜ਼ਰੂਰ ਕਰਵਾਓ - ਸਿਵਲ ਸਰਜਨ ਡਾ. ਰਾਜੇਸ਼ ਗਰਗ
Publish Date: Mon, 09 Mar 2026 06:51 PM (IST)
Updated Date: Mon, 09 Mar 2026 06:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਲੋਕੋਮਾ (ਕਾਲਾ ਮੋਤੀਆ) ਦੇ ਸਬੰਧੀ ਸਿਹਤ ਵਿਭਾਗ ਵੱਲੋਂ 8 ਮਾਰਚ ਤੋਂ 14 ਮਾਰਚ ਤੱਕ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਦਫਤਰ ਵਿਖੇ ਸੋਮਵਾਰ ਨੂੰ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਾਲ ਇਸ ਦਿਵਸ ਨੂੰ ਗਲੋਕੋਮਾ (ਕਾਲਾ ਮੋਤੀਆ) ਮੁਕਤ ਸੰਸਾਰ ਲਈ ਇਕਜੁੱਟ ਹੋਈਏ ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਲੋਕੋਮਾ ਦਾ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ, ਜੇਕਰ ਸਮੇਂ ਸਿਰ ਇਸਦਾ ਪਤਾ ਚੱਲ ਜਾਵੇ ਇਸ ਲਈ ਆਪਣੀਆਂ ਅੱਖਾਂ ਦੀ ਨਿਯਮਿਤ ਜਾਂਚਾ ਨਜ਼ਦੀਕੀ ਸਰਕਾਰੀ ਹਸਪਤਾਲ ’ਚ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ’ਚੋਂ ਇਕ ਅਹਿਮ ਕਾਰਨ ਹੈ। ਗਲੋਕੋਮਾ ਦੇ ਲੱਛਣਾਂ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਅਸਾਧਾਰਣ ਸਿਰ ਦਰਦ ਜਾਂ ਅੱਖਾਂ ’ਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ, ਪ੍ਰਕਾਸ਼ ਦੇ ਆਲੇ-ਦੁਆਲੇ ਰੰਗਦਾਰ ਚੱਕਰ, ਅੱਖਾਂ ’ਚ ਦਰਦ ਤੇ ਲਾਲੀ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ ਤੇ ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਆਦਿ ਹੋਣ ਤੇ ਨਜ਼ਦੀਕੀ ਸਰਕਾਰੀ ਹਸਪਤਾਲ ’ਚ ਜਾ ਕੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਤੋਂ ਆਪਣੀਆਂ ਅੱਖਾਂ ਦਾ ਦਬਾਅ (ਪ੍ਰੈਸ਼ਰ) ਚੈੱਕ ਕਰਵਾਓ। ਸਿਵਲ ਸਰਜਨ ਨੇ ਕਿਹਾ ਕਿ ਪਰਿਵਾਰਕ ਮੈਂਬਰ ਨੂੰ ਸ਼ੂਗਰ ਤੇ ਬਲੱਡ ਪ੍ਰੈਸ਼ਰ ਹੋਵੇ ਜਾਂ ਫਿਰ ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਸਟੀਅਰਾਇਡ ਦੀ ਵਰਤੋਂ ਕਰਦਾ ਹੈ ਤਾਂ ਉਹ ਗਲੋਕੋਮਾ/ਕਾਲੇ ਮੋਤੀਏ ਤੋਂ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਆਪਣੀਆਂ ਅੱਖਾਂ ਦੀ ਜਾਂਚ ਨਿਯਮਤ ਸਮੇਂ ਤੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਲੋਕੋਮਾ ਮੁਕਤ ਸੰਸਾਰ ਲਈ ਸਾਨੂੰ ਸਭ ਨੂੰ ਇੱਕਜੁਟ ਹੋਣਾ ਚਾਹੀਦਾ ਹੈ ਤੇ ਆਪਣੀਆਂ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਸਹਾਇਕ ਸਿਹਤ ਅਫਸਰ ਡਾ. ਮੀਰਾ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਬਲਜੀਤ ਰੂਬੀ, ਐੱਸਐੱਮਓਆਈ ਮੋਬਾਈਲ ਯੂਨਿਟ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐੱਮਈਆਈਓ ਅਸੀਮ ਸ਼ਰਮਾ ਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।