ਸ੍ਰੀ ਗੁਰੂ ਰਵਿਦਾਸ ਜੀ ਦਾ 650ਵੇਂ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ : ਗੜ੍ਹੀ
ਐੱਸਸੀ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Publish Date: Thu, 01 Jan 2026 07:50 PM (IST)
Updated Date: Fri, 02 Jan 2026 04:12 AM (IST)

ਐੱਸਸੀ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ ਕਿਹਾ- ਦੇਸ਼ ਦੇ ਸਵਾ 6 ਕਰੋੜ ਰਵਿਦਾਸ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ ਸਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੀਰਵਾਰ ਨੂੰ ਨਵੇਂ ਸਾਲ ਮੌਕੇ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਤੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ 20 ਫਰਵਰੀ 2027 ਨੂੰ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ’ਚ ਸੰਸਾਰ ਪੱਧਰ ’ਤੇ ਬਨਾਰਸ ਦੀ ਧਰਤੀ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮੁੱਚਾ ਰਵਿਦਾਸ ਭਾਈਚਾਰਾ ਇਕਜੁੱਟ ਹੋ ਕੇ ਮਨਾਵੇ। ਇਸ ਲਈ ਦੇਸ਼ ਭਰ ’ਚ ਰਵਿਦਾਸ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਤੇ ਸਾਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ’ਚ ਰਵਿਦਾਸ ਭਾਈਚਾਰੇ ਦੀ ਕਰੀਬ ਸਵਾ 6 ਕਰੋੜ ਆਬਾਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਲੋਕਾਈ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪਹੁੰਚਾਉਣ ਲਈ ਦੇਸ਼ ਭਰ ’ਚ ਵੱਡੇ ਪੱਧਰ ’ਤੇ ਲਹਿਰ ਉਸਾਰੀ ਜਾਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ’ਚ ਰਵਿਦਾਸ ਭਾਈਚਾਰੇ ਤੋਂ ਕੀਤੀ ਜਾ ਰਹੀ ਹੈ। ਗੜ੍ਹੀ ਨੇ ਕਿਹਾ ਕਿ ਇਸ ਲੜੀ ਤਹਿਤ ਆਉਣ ਵਾਲੇ 3 ਮਹੀਨਿਆਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਨਣ ਵਾਲੀਆਂ ਸਾਰੀਆਂ ਸੰਸਥਾਵਾਂ ਤੇ ਡੇਰਿਆਂ ਤੱਕ ਪਹੁੰਚ ਕੀਤੀ ਜਾਵੇਗੀ ਤੇ ਸਭਨਾਂ ਨੂੰ ਇਕ ਲੜੀ ਵਿੱਚ ਪਿਰੋਦਿਆਂ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਤੇ ਮਰਿਆਦਾ ਅਨੁਸਾਰ ਸੁਚੱਜੇ ਢੰਗ ਨਾਲ ਮਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਮੰਨਣ ਵਾਲੀਆਂ ਸੰਸਥਾਵਾਂ ਸਮੇਤ ਵੱਖ-ਵੱਖ ਭਾਈਚਾਰਿਆਂ ਨੂੰ ਸ਼ਾਮਲ ਕਰ ਕੇ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ’ਚ ਵੱਡੀ ਜਾਗਰੂਕਤਾ ਲਹਿਰ ਖੜ੍ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਸ਼ੁਰੂਆਤ ਅੱਜ ਸੱਚਖੰਡ ਬੱਲਾਂ ਤੋਂ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਰਣਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।