- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਜ਼ੀ ਮੰਡੀ ਸਮੇਤ ਸੰਵੇਦਨਸ਼ੀਲ ਇਲਾਕਿਆਂ ’ਚ ਚਲਾਈ ਤਲਾਸ਼ੀ ਮੁਹਿੰਮ

‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਕਈ ਸ਼ੱਕੀ ਹਿਰਾਸਤ ’ਚ ਲਏ
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਤਵਾਰ ਨੂੰ ਕਾਜ਼ੀ ਮੰਡੀ ਤੇ ਹੋਰ ਸੰਵੇਦਨਸ਼ੀਲ ਇਲਾਕਿਆਂ ’ਚ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਪੁਲਿਸ ਬਲ ਨੇ ਕਈ ਸ਼ੱਕੀ ਟਿਕਾਣਿਆਂ ਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਮੁਹਿੰਮ ’ਚ ਏਡੀਸੀਪੀ 2 ਮਾਧਵੀ ਸ਼ਰਮਾ, ਏਡੀਸੀਪੀ 1, ਥਾਣਾ ਡਵੀਜ਼ਨ ਨੰਬਰ 1, ਡਵੀਜ਼ਨ ਨੰਬਰ 4 ਤੇ ਰਾਮਾ ਮੰਡੀ ਦੇ ਥਾਣਾ ਮੁਖੀਆ ਸਮੇਤ ਪੁਲਿਸ ਦਾ ਭਾਰੀ ਦਸਤਾ ਸ਼ਾਮਲ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਜ਼ੀ ਮੰਡੀ ਇਲਾਕੇ ’ਚ ਨਸ਼ਾ ਤਸਕਰੀ ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਤੇ ਟਿਕਾਣਿਆਂ ਦੀ ਜਾਂਚ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ। ਮੁਹਿੰਮ ਦੌਰਾਨ ਪੁੱਛਗਿੱਛ ਲਈ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੁਲਿਸ ਟੀਮਾਂ ਨੇ ਪੇਂਡੂ ਇਲਾਕਿਆਂ ਤੇ ਨਸ਼ਿਆਂ ਦੇ ਗੜ੍ਹ ਮੰਨੇ ਜਾਂਦੇ ਖੇਤਰਾਂ ’ਚ ਵੀ ਛਾਪੇਮਾਰੀ ਕੀਤੀ ਤੇ ਘਰ-ਘਰ ਜਾ ਕੇ ਤਲਾਸ਼ੀ ਲਈ। ਅਧਿਕਾਰੀਆਂ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਤੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜਨਤਕ ਸ਼ਿਕਾਇਤਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਸੀ ਤੇ ਭਵਿੱਖ ’ਚ ਵੀ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨਸ਼ੇ ਦੀ ਵਿਕਰੀ ਜਾਂ ਤਸਕਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।