ਸਵੈ-ਪਛਾਣ ਦੀ ਮਜ਼ਬੂਤ ਨੀਂਹ ਹੁੰਦੀ ਹੈ ਮਾਤ ਭਾਸ਼ਾ : ਬਾਲੀ
ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ
Publish Date: Wed, 25 Feb 2026 07:04 PM (IST)
Updated Date: Wed, 25 Feb 2026 07:07 PM (IST)

ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਤੇ ਜੰਡਿਆਲਾ ਲੋਕ ਭਲਾਈ ਮੰਚ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਦੀਪਕ ਬਾਲੀ (ਸਲਾਹਕਾਰ, ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਭਾਰਤੀ ਸਾਹਿਤ ਅਕਾਦਮੀ ਐਵਾਰਡੀ ਡਾ. ਵਰਿਆਮ ਸਿੰਘ ਸੰਧੂ ਮੁੱਖ ਵਕਤਾ ਸਨ। ਸਤਨਾਮ ਚਾਨਾ ਤੇ ਡਾ. ਜਸਪਾਲ ਸਿੰਘ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਮਹਿਮਾਨਾਂ ਦਾ ਗੁਲਦਸਤਿਆਂ ਨਾਲ ਸਵਾਗਤ ਕਰਦੇ ਹੋਏ ਮਾਤ ਭਾਸ਼ਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ’ਤੇ ਵਿਚਾਰ ਸਾਂਝੇ ਕੀਤੇ। ਡਾ. ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਾਂ ਬੋਲੀ ਦੀ ਅਹਿਮੀਅਤ ਉਜਾਗਰ ਕੀਤੀ ਤੇ ਪੰਜਾਬੀ ਭਾਸ਼ਾ ਦੀਆਂ ਕਿੱਤਾ-ਮੁੱਖੀ ਸੰਭਾਵਨਾਵਾਂ ਬਾਰੇ ਪ੍ਰੇਰਿਤ ਕੀਤਾ। ਦੀਪਕ ਬਾਲੀ ਨੇ ਕਿਹਾ ਕਿ ਮਾਤ ਭਾਸ਼ਾ ਮਨੁੱਖ ਦੇ ਸਵੈ-ਵਿਸ਼ਵਾਸ, ਸਵੈ-ਮਾਣ ਤੇ ਸਵੈ-ਪਹਿਚਾਣ ਦੀ ਮਜ਼ਬੂਤ ਨੀਂਹ ਹੁੰਦੀ ਹੈ। ਸਤਨਾਮ ਚਾਨਾ ਨੇ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਅਪੀਲ ਕੀਤੀ, ਜਦਕਿ ਡਾ. ਜਸਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਸਾਰੀਆਂ ਭਾਸ਼ਾਵਾਂ, ਖਾਸਕਰ ਮਾਂ ਬੋਲੀ ’ਚ ਦੱਖਲ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਅੰਤ ’ਚ ਕਾਲਜ ਇੰਚਾਰਜ ਜੌਹਲ ਨੇ ਤਰਸੇਮ ਸਿੰਘ, ਚਮਕੌਰ ਸਿੰਘ ਸੰਧੂ, ਬਲਵਿੰਦਰ ਗਿੱਲ ਸਮੇਤ ਸਾਰੇ ਮਹਿਮਾਨਾਂ ਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦਾ ਸੰਚਾਲਨ ਡਾ. ਤਰਨਪ੍ਰੀਤ ਕੌਰ (ਪੰਜਾਬੀ ਵਿਭਾਗ) ਵੱਲੋਂ ਕੀਤਾ ਗਿਆ। ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਹਿਯੋਗ ਨਾਲ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ।