- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਜੀਪੀਸੀ ਵੱਲੋਂ ਗੁਰੂ ਘਰਾਂ ਦੀਆਂ ਇਮਾਰਤਾਂ ਲਈ ਚੈੱਕ ਪ੍ਰਬੰਧਕਾਂ ਨੂੰ ਸੌਂਪੇ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵੱਲੋਂ ਹਲਕਾ ਜਲੰਧਰ ਸ਼ਹਿਰੀ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਬਣ ਰਹੀਆਂ ਇਮਾਰਤਾਂ ਲਈ ਐੱਸਜੀਪੀਸੀ ਵੱਲੋਂ ਸਹਾਇਤਾ ਦੇ ਚੈੱਕ ਵੰਡੇ ਗਏ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਵਤਾਰ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਰਾਜ ਨਗਰ ਬਸਤੀ ਬਾਵਾ ਖੇਲ ਜਲੰਧਰ, ਬੜਿੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਪਿੰਡ ਬੜਿੰਗ ਜਲੰਧਰ ਤੇ ਖਾਲਸਾ ਹੈਰੀਟੇਜ ਅਕੈਡਮੀ ਨੂੰ 51-51 ਹਜ਼ਾਰ ਦੇ ਧਾਰਮਿਕ ਕਾਰਜਾਂ ਲਈ ਚੈੱਕ ਦਿੱਤੇ ਗਏ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਸੰਸਥਾ ਹੈ ਜਿਸ ਨੇ ਹਮੇਸ਼ਾ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਮੇਂ ਨਿਯਮਾਂ ਅਨੁਸਾਰ ਗੁਰੂ ਘਰਾਂ ਨੂੰ ਸਹਾਇਤਾ ਮੁਹੱਈਆ ਕਰਦੀ ਹੈ। ਉਨ੍ਹਾਂ ਕਿਹਾ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦਾ ਮੁੱਖ ਉਦੇਸ਼ ਗੁਰੂ ਦੀ ਸੰਗਤ ਨੂੰ ਗੁਰੂ ਦੇ ਦੱਸੇ ਹੋਏ ਰਸਤੇ ’ਤੇ ਚਲਾਉਣ ਤੇ ਗ੍ਰਹਿਣ ਕਰਨ ਦਾ ਉਪਦੇਸ਼ ਗੁਰਬਾਣੀ ਤੋਂ ਮਿਲਦਾ ਹੈ, ਜਿਸ ’ਚ ਸਰਬੱਤ ਦੇ ਭਲੇ ਦੀ ਅਰਦਾਸ ਤੇ ਪੰਥ ਦੀ ਚੜ੍ਹਦੀ ਕਲਾ ਤੇ ਕੌਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਨੂੰ ਕੌਮੀ ਝੰਡੇ ਹੇਠ ਸ੍ਰੀ ਅਕਾਲ ਤਖਤ ਸਾਹਿਬ ਦੇ ਦਿੱਤੇ ਹੋਏ ਨਿਰਦੇਸ਼ਾਂ ਦੀ ਪਾਲਣਾ ਤੇ ਪੂਰਾ ਉਤਰਦੇ ਹੋਏ ਆਪਣੇ ਗੁਰੂ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਸਾਹਿਬਾਨਾਂ ਦੇ ਮਹਾਨ ਕੁਰਬਾਨੀਆਂ ਤੇ ਵਿਰਸੇ ਨੂੰ ਜਾਗ੍ਰਿਤ ਕਰਨ ਲਈ ਆਉਣ ਵਾਲੀ ਪੀੜ੍ਹੀ ਲਈ ਮਾਰਗ ਪ੍ਰਧਾਨ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਸਿੱਖ ਚੜ੍ਹਦੀ ਕਲਾ ਫਰੰਟ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਰਾਣਾ, ਬਾਬਾ ਸੁਖਵਿੰਦਰ ਸਿੰਘ ਤੱਲਣ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਕੇਹਰ ਸਿੰਘ ਗੁਰਦੁਆਰਾ ਸਿੰਘ ਸਭਾ ਨਿਊ ਰਾਜ ਨਗਰ, ਮਲਕੀਤ ਸਿੰਘ, ਪ੍ਰੀਤਮ ਸਿੰਘ, ਮਸਤਾਨ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਅਟਾਰੀ, ਫੁੱਮਣ ਸਿੰਘ, ਸੁਰਿੰਦਰ ਸਿੰਘ ਰਾਜ, ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ, ਪਲਵਿੰਦਰ ਸਿੰਘ ਭਾਟੀਆ ਆਦਿ ਹਾਜ਼ਰ ਸਨ।