ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜਬਰੀ ਸੇਵਾਮੁਕਤ ਕਰਨ ਦੀ ਕਾਰਵਾਈ ਗ਼ੈਰ ਵਾਜਿਬ : ਐਡਵੋਕੇਟ ਕਲੇਰ
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜਬਰੀ ਸੇਵਾ ਮੁਕਤ ਕਰਨ ਦੀ ਕਾਰਵਾਈ ਗ਼ੈਰ ਵਾਜਿਬ- ਐਡਵੋਕੇਟ ਕਲੇਰ
Publish Date: Sun, 01 Mar 2026 07:46 PM (IST)
Updated Date: Mon, 02 Mar 2026 04:14 AM (IST)

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੁੱਖ ਗ੍ਰੰਥੀ ਸ਼੍ਰੀ ਹਰਿਮੰਦਰ ਸਾਹਿਬ ਨੂੰ ਜ਼ਬਰੀ ਸੇਵਾ ਮੁਕਤ ਕਰਨ ਨਾਲ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਪ੍ਰਤੀ ਸਿੱਖ ਸੰਗਤ ’ਚ ਬੇ-ਭਰੋਸਗੀ ਵਧੀ ਹੈ ਉੱਥੇ ਇਸ ਕਾਰਵਾਈ ਨਾਲ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ’ਚ ਰੋਸ ਵਧਿਆ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਐਡਵੋਕੇਟ ਅਵਤਾਰ ਸਿੰਘ ਕਲੇਰ ਨੇ ਕਿਹਾ ਕਿ ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੀਆਂ ਸਰਬ ਉੱਚ ਸੰਸਥਾਵਾਂ ਦੇ ਸੰਚਾਲਨ ਨਾਲ ਖਿਲਵਾੜ ਕਰ ਰਹੀ ਹੈ, ਜਿਸਦਾ ਜਵਾਬ ਇਨ੍ਹਾਂ ਨੂੰ ਆਉਣ ਵਾਲੇ ਸਮੇਂ ’ਚ ਸਿੱਖ ਸੰਗਤ ਨੂੰ ਦੇਣਾ ਪਵੇਗਾ। ਐਡਵੋਕੇਟ ਕਲੇਰ ਨੇ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਆਪ ਕਹਿੰਦੇ ਹਨ ਕਿ ਹਰ ਰੋਜ਼ ਘਪਲੇ ਹੁੰਦੇ ਹਨ ਤੇ ਉਨ੍ਹਾਂ ਨੇ ਸੰਗਤ ਕੋਲੋਂ ਮੁਆਫ਼ੀ ਵੀ ਮੰਗੀ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਵੱਡੇ ਘਪਲੇ ਹੋਏ ਹਨ ਤੇ ਇਹੋ ਸਵਾਲ ਹੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਠਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਘਪਲਿਆਂ ਦੀ ਜਾਂਚ ਕਰਵਾਉਣ ਦੀ ਬਜਾਏ ਸਿੰਘ ਸਾਹਿਬ ਨੂੰ ਜ਼ਬਰੀ ਸੇਵਾ ਮੁਕਤ ਕਰ ਦੇਣਾ ਬਦਲਾ ਲਊ ਭਾਵਨਾ ਨਾਲ ਕੀਤੀ ਬਹੁਤ ਹੀ ਗ਼ੈਰ ਵਾਜਿਬ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿੱਖ ਵਿਦਵਾਨਾਂ ਦੀ ਉੱਚ ਪੱਧਰੀ ਕਮੇਟੀ ਬਣਾ ਕੇ ਇਨ੍ਹਾਂ ਘਪਲਿਆਂ ਦੀ ਜਾਂਚ ਕਰਵਾਉਣੀ ਚਾਹੀਦੀ ਸੀ। ਐਡਵੋਕੇਟ ਕਲੇਰ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਵੀ ਚਾਹੀਦਾ ਹੈ ਕਿ ਉਹ ਇਨ੍ਹਾਂ ਘਪਲਿਆਂ ਦੇ ਸਬੂਤ ਜਨਤਕ ਕਰਨ ਤਾਂ ਕਿ ਸਿੱਖ ਸੰਗਤ ਨੂੰ ਇਸ ਬਾਰੇ ਪਤਾ ਲੱਗ ਸਕੇ।