ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
ਸ਼ਾਹਕੋਟ ਪੁਲਿਸ ਵੱਲੋਂ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਤਸਕਰ ਕਾਬੂ
Publish Date: Sun, 01 Mar 2026 11:14 PM (IST)
Updated Date: Mon, 02 Mar 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਾਹਕੋਟ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਸੁਖਪਾਲ ਸਿੰਘ ਤੇ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਦੋਸ਼ੀ ਕੋਲੋਂ 17.18 ਗ੍ਰਾਮ ਹੇਰੋਇਨ, 95 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ, ਇਕ ਮੋਬਾਈਲ ਫੋਨ ਤੇ ਇਕ ਡਿਜ਼ਿਟਲ ਕਾਂਟਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਪਰਜਿੰਦਰ ਕੌਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬਾਜਵਾ ਕਲਾਂ ਤੋਂ ਸੰਡਾਵਾਲ ਹੁੰਦੇ ਹੋਏ ਰਾਮਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਸੰਡਾਵਾਲ ਤੋਂ ਰਾਮਪੁਰ ਰੋਡ ’ਤੇ ਖੇਤਾਂ ਨੇੜੇ ਸੀਮੈਂਟ ਦੀ ਬੈਂਚ ’ਤੇ ਬੈਠੇ ਗੁਰਦੇਵ ਸਿੰਘ ਉਰਫ਼ ਦੇਬੂ ਵਾਸੀ ਸੰਡਾਵਾਲ (ਸ਼ਾਹਕੋਟ) ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਕਤ ਨਸ਼ੀਲੇ ਪਦਾਰਥ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 51 ਅਧੀਨ ਧਾਰਾ 21/22/61/85 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ 2 ਮਾਰਚ (ਸੋਮਵਾਰ) ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।