ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਸ੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਫਿਲੌਰ ’ਚ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
Publish Date: Thu, 30 Apr 2026 06:22 PM (IST)
Updated Date: Thu, 30 Apr 2026 06:25 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਵੱਲੋਂ ਵੱਧ ਰਹੇ ਬਿਜਲੀ ਕੱਟਾਂ ਦੇ ਵਿਰੋਧ ’ਚ ਅੱਜ ਫਿਲੌਰ ’ਚ ਰੋਸ ਮਾਰਚ ਕੀਤਾ ਗਿਆ। ਪਾਰਟੀ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਿਆ ਸੀ ਪਰ ਪਿਛਲੀ ਕਾਂਗਰਸ ਤੇ ਮੌਜੂਦਾ ਸਰਕਾਰ ਦੀ ਨਾਕਾਮੀ ਕਾਰਨ ਅੱਜ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰੋਸ ਮਾਰਚ ਦੀ ਅਗਵਾਈ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕੀਤੀ। ਮਾਰਚ ਦੌਰਾਨ ਆਗੂਆਂ ਨੇ ਐੱਸਡੀਐੱਮ ਦਫ਼ਤਰ ’ਚ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਪੁਤਲਾ ਸਾੜਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਤੇ ਜਥੇਦਾਰ ਮਹਾ ਸਿੰਘ ਰਸੂਲਪੁਰ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਤੇ ਬਿਨਾਂ ਐਲਾਨ ਦੇ ਬਿਜਲੀ ਕੱਟਾਂ ਕਾਰਨ ਬਜ਼ੁਰਗਾਂ, ਬੱਚਿਆਂ ਤੇ ਵਪਾਰੀਆਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ’ਚ ਲੋਕ ਮੌਜੂਦਾ ਸਰਕਾਰ ਨੂੰ ਜਵਾਬ ਦੇਣਗੇ। ਇਸ ਮੌਕੇ ਰਵਿੰਦਰਵੀਰ ਸਿੰਘ, ਕੁਲਦੀਪ ਸਿੰਘ ਅੱਪਰਾ, ਜਸਬੀਰ ਸਿੰਘ ਰੁੜਕਾ, ਅਮਰਜੀਤ ਸਿੰਘ ਕਟਾਣਾ, ਕੁਲਦੀਪ ਸਿੰਘ ਬਾਜਵਾ, ਸੁਲੱਖਣ ਸਿੰਘ, ਮਨਜੀਤ ਸਿੰਘ ਬਿੱਲਾ, ਭੁਪਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਢੰਡਵਾੜ, ਦੀਪ ਕਲਸੀ ਤੇ ਹੋਰ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ।