- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰ ਇਲਾਕਾ ਛੱਡ ਦੇਣ ਜਾਂ ਜੇਲ੍ਹ ਜਾਣ ਲਈ ਰਹਿਣ ਤਿਆਰ : ਐੱਸਐੱਚਓ ਸੁਖਵਿੰਦਰ ਪਾਲ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ :
ਥਾਣਾ ਸ਼ਾਹਕੋਟ ’ਚ ਨਵੇਂ ਮੁੱਖ ਅਫ਼ਸਰ ਵਜੋਂ ਸੁਖਵਿੰਦਰ ਪਾਲ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਇੰਸਪੈਕਟਰ ਅਮਨ ਸੈਣੀ ਦੀ ਜਗ੍ਹਾ ਇਹ ਜ਼ਿੰਮੇਵਾਰੀ ਸੰਭਾਲੀ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਚਓ ਸੁਖਵਿੰਦਰ ਪਾਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਐੱਸਐੱਚਓ ਨੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੇ ਬੱਚਿਆਂ ਨੂੰ ਪੁਲਿਸ ਕੋਲ ਲੈ ਕੇ ਆਉਣ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮੁਫ਼ਤ ਇਲਾਜ ਕਰਵਾਉਣ ਤੇ ਨੌਜਵਾਨਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਸ਼ਾਹਕੋਟ ਸ਼ਹਿਰ ’ਚ ਵਿਗੜ ਰਹੀ ਟ੍ਰੈਫਿਕ ਵਿਵਸਥਾ ਬਾਰੇ ਗੱਲ ਕਰਦਿਆਂ ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਤੇ ਰੇਹੜੀ ਚਾਲਕਾਂ ਨੂੰ ਅਪੀਲ ਕੀਤੀ ਕਿ ਬਾਜ਼ਾਰਾਂ ਅਤੇ ਮੁੱਖ ਜੀਟੀ ਰੋਡ ’ਤੇ ਨਾਜਾਇਜ਼ ਤੌਰ ’ਤੇ ਵਾਹਨ ਅਤੇ ਰੇਹੜੀਆਂ ਖੜ੍ਹੀਆਂ ਨਾ ਕੀਤੀਆਂ ਜਾਣ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਸੇਵਾ ਲਈ 24 ਘੰਟੇ ਹਾਜ਼ਰ ਹੈ।