- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਆਈਆਰ : 25 ਜੂਨ ਤੋਂ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ

-ਡੀਸੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਐੱਸਆਈਆਰ ਦੇ ਵੱਖ-ਵੱਖ ਪੜਾਵਾਂ ਬਾਰੇ ਦਿੱਤੀ ਜਾਣਕਾਰੀ
ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਮੰਗਲਵਾਰ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) 2026 ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਐੱਸਆਈਆਰ-2026 ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸਆਈਆਰ ਦਾ ਉਦੇਸ਼ ਪਾਰਦਰਸ਼ੀ ਤੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੀ ਮੌਜੂਦ ਸਨ। ਵਾਲੀਆ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੀ. ਐਲ. ਓਜ਼. ਵੱਲੋਂ ਘਰ ਘਰ ਜਾ ਕੇ ਗਣਨਾ (ਇਨੂਮੀਰੇਸ਼ਨ) ਫਾਰਮ ਭਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬੀਐੱਲਓਜ਼ ਵੱਲੋਂ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿਚ ਸਾਰੀ ਜਾਣਕਾਰੀ ਭਰਨ ਉਪਰੰਤ ਇਕ ਕਾਪੀ ਵੋਟਰ ਵੱਲੋਂ ਦਸਤਖ਼ਤ ਕਰਕੇ ਬੀਐੱਲਓ ਕੋਲ ਜਮ੍ਹਾਂ ਕਰਵਾਈ ਜਾਵੇਗੀ ਤੇ ਇਕ ਕਾਪੀ ਬੀਐੱਲਓ ਵੱਲੋਂ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਤੇ ਮ੍ਰਿਤਕ ਵੋਟਰਾਂ ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਐੱਸਆਈਆਰ ਤਹਿਤ ਜ਼ਿਲ੍ਹੇ ਦੇ ਹਰ ਵੋਟਰ ਨੂੰ ਬੀਐੱਲਓ ਵੱਲੋਂ ਦਿੱਤਾ ਜਾਣ ਵਾਲਾ ਇਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। ਜੇ ਕੋਈ ਵੋਟਰ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਇਸ ਪ੍ਰਕਿਰਿਆ ਸਬੰਧੀ ਵੱਖ-ਵੱਖ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇਗੀ। ਤਿੰਨ ਅਗਸਤ ਨੂੰ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਹੋਵੇਗੀ, 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਪਹਿਲੀ ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ.ਐੱਲ.ਏ.-2) ਨਿਯੁਕਤ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਬੀ.ਐੱਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਵਿਚ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।