ਐੱਸਆਈਆਰ : ਜਲੰਧਰ ’ਚ ਹੋਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਐਸ.ਆਈ.ਆਰ.-2026 : ਜਲੰਧਰ ’ਚ ਹੋਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ
Publish Date: Thu, 13 Aug 2026 09:13 PM (IST)
Updated Date: Thu, 13 Aug 2026 09:14 PM (IST)
ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਡ੍ਰਾਫਟ ਵੋਟਰ ਸੂਚੀ ਦੀ ਹਾਰਡ ਕਾਪੀ ਤੇ ਸਾਫਟ ਕਾਪੀ ਮੁਹੱਈਆ ਕਰਵਾਈ ਡ੍ਰਾਫਟ ਵੋਟਰ ਸੂਚੀ ਦੀ ਜਾਂਚ ਤੇ ਤਸਦੀਕ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ 16 ਅਗਸਤ ਨੂੰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਅੱਜ ਜਲੰਧਰ ’ਚ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ, ਜਿਸ ’ਤੇ ਦਾਅਵੇ ਤੇ ਇਤਰਾਜ਼ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਉਪਰੰਤ ਜ਼ਿਲ੍ਹੇ ਵਿੱਚ 1464949 ਵੋਟਰ ਹਨ। 16 ਅਗਸਤ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਵੋਟਰ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਡ੍ਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰ ਸਕਣਗੇ ਅਤੇ ਜੇਕਰ ਕਿਸੇ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਵੇਰਵਿਆਂ ਵਿੱਚ ਕੋਈ ਗਲਤੀ ਹੈ ਤਾਂ ਉਹ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਣਗੇ। ਡੀਸੀ ਨੇ ਦੱਸਿਆ ਕਿ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਡ੍ਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡ੍ਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6 ਏ ਅਤੇ ਫਾਰਮ ਨੰਬਰ 8, ਜੋ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਡ੍ਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਡ੍ਰਾਫਟ ਵੋਟਰ ਸੂਚੀ ਵਿੱਚ ਨਾਮ ਨਹੀਂ ਹੈ ਜਾਂ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਤ ਫਾਰਮ ਰਾਹੀਂ ਦਾਅਵਾ ਤੇ ਇਤਰਾਜ਼ ਦਾਇਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡ੍ਰਾਫ਼ਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ ’ਤੇ ਅਤੇ ਜ਼ਿਲ੍ਹਾ ਜਲੰਧਰ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਉਪਲਬਧ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਦੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ, ਉਨ੍ਹਾਂ ਨੂੰ ਨੋਟਿਸ ਜਾਰੀ ਹੋਣ ਉਪਰੰਤ ਚੋਣ ਕਮਿਸ਼ਨ ਵੱਲੋਂ ਦਰਸਾਏ ਗਏ ਦਸਤਾਵੇਜ਼ਾਂ ਵਿੱਚੋਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਸ ਸਬੰਧੀ ਵੋਟਰਾਂ ਨੂੰ ਸਮੇਂ ਸਿਰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੱਲੋਂ ਮੁੱਢਲੀ ਪ੍ਰਕਾਸ਼ਨਾ ਉਪਰੰਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀ ਸਾਫਟ ਕਾਪੀ ਵੀ ਮੁਹੱਈਆ ਕਰਵਾਈ। ਇਸ ਮੌਕੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਹੋਵੇਗੀ।