- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗਾਮੀ ਵਿਧਾਨ ਸਭਾ ਚੋਣਾਂ

ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ 'ਆਪ' ਦੀ ਜਲੰਧਰ 'ਚ ਅਹਿਮ ਬੈਠਕ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਜਲੰਧਰ ਦੇ ਇਕ ਸਥਾਨਕ ਹੋਟਲ ’ਚ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਬੂਥ ਲੈਵਲ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹਲਕਾ ਇੰਚਾਰਜ ਨਿਤਿਨ ਕੋਹਲੀ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਬਲਾਕ ਪ੍ਰਧਾਨਾਂ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਸਿਸੋਦੀਆ ਨੇ ਮੀਟਿੰਗ ਦੌਰਾਨ ਪਾਰਟੀ ਦੇ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਬੂਥ ਇੰਚਾਰਜਾਂ ਅਤੇ ਅਹੁਦੇਦਾਰਾਂ ਨਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
---
ਨੀਤੀਆਂ ਤੇ ਵਿਕਾਸ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਆਦੇਸ਼
ਪਾਰਟੀ ਵਰਕਰਾਂ ਅਤੇ ਬੂਥ ਇੰਚਾਰਜਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਵਰਕਰ ਅਤੇ ਬੂਥ ਇੰਚਾਰਜ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਤੋਂ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਆਦੇਸ਼ ਦਿੱਤਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ। ਹਾਜ਼ਰ ਆਗੂਆਂ ਵਿੱਚ ਪ੍ਰਮੁੱਖ ਤੌਰ 'ਤੇ ਪਾਰਟੀ ਦੇ ਅਡਵਾਈਜ਼ਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਲੋਕ ਸਭਾ ਇੰਚਾਰਜ ਰਮਣੀਕ ਸਿੰਘ ਰੰਧਾਵਾ, ਹਲਕਾ ਇੰਚਾਰਜ ਨਿਤਿਨ ਕੋਹਲੀ, ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਡਾ. ਰਾਜੇਸ਼ ਬੱਬਰ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।
ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਇੱਕਸੁਰ ਹੋ ਕੇ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ। ਇਸ ਮੀਟਿੰਗ ਨਾਲ ਆਮ ਆਦਮੀ ਪਾਰਟੀ ਦੇ ਸਥਾਨਕ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਇਨ੍ਹਾਂ ਨੂੰ ਵੱਖ-ਵੱਖ ਕਰਕੇ ਨਕਾਰਿਆ ਸੀ ਅਤੇ ਹੁਣ ਜੇਕਰ ਇਹ ਇਕੱਠੇ ਆਉਂਦੇ ਹਨ ਤਾਂ ਇਕੱਠਿਆਂ ਨੂੰ ਵੀ ਰੱਦ ਕਰਨਗੇ।
---
ਪ੍ਰਾਈਵੇਟ ਸਕੂਲਾਂ ਦੀ ਫੀਸ ਸਬੰਧੀ ਬਿੱਲ ਦਾ ਕੀਤਾ ਸਵਾਗਤ
ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਲਈ ਪਾਸ ਕੀਤੇ ਗਏ "ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026" ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਕੂਲਾਂ ਦੀ ਮਨਮਾਨੀ ਫੀਸ ਵਾਧੇ ਤੋਂ ਬਚਾਅ ਹੋਵੇਗਾ। ਨਵੀਂ ਸੋਧ ਅਨੁਸਾਰ ਹੁਣ ਨਿੱਜੀ ਸਕੂਲ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੇਲੋੜੇ ਫੀਸ ਵਾਧੇ 'ਤੇ ਠੱਲ੍ਹ ਪਾਉਣਾ ਜ਼ਰੂਰੀ ਸੀ ਤਾਂ ਜੋ ਮਾਪਿਆਂ 'ਤੇ ਆਰਥਿਕ ਬੋਝ ਨਾ ਪਵੇ। ਉਨ੍ਹਾਂ ਇਸ ਸੁਧਾਰਵਾਦੀ ਕਦਮ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।