ਯਕੀਨੀ ਬਣਾਈ ਜਾਵੇਗੀ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ : ਭਗਤ
ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇਗੀ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ : ਕੈਬਨਿਟ ਮੰਤਰੀ ਮੋਹਿੰਦਰ ਭਗਤ
Publish Date: Thu, 19 Mar 2026 10:43 PM (IST)
Updated Date: Thu, 19 Mar 2026 10:46 PM (IST)

- ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਨੂੰ ਗੈਸ ਏਜੰਸੀਆਂ ਦੀ ਚੈਕਿੰਗ ਕਰਨ ਦੇ ਦਿੱਤੇ ਨਿਰਦੇਸ਼ - ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਖਿਲਾਫ਼ ਦਿੱਤੀ ਸਖ਼ਤ ਕਾਰਵਾਈ ਦੀ ਚਿਤਾਵਨੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜਲੰਧਰ ਵਾਸੀਆਂ ਨੂੰ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਸੁਚਾਰੂ ਢੰਗ ਨਾਲ ਸਪਲਾਈ ਯਕੀਨੀ ਬਣਾਈ ਜਾਵੇਗੀ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਗੈਸ ਏਜੰਸੀਆਂ ਦੀ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਕ ਮੁਹਿੰਮ ਵਿੱਢ ਕੇ ਸਿਲੰਡਰਾਂ ਦਾ ਭਾਰ ਤੇ ਬੁਕਿੰਗ ਪ੍ਰਕਿਰਿਆ ਆਦਿ ਚੈੱਕ ਕੀਤੀ ਜਾਵੇ ਤਾਂ ਜੋ ਘਰੇਲੂ ਗੈਸ ਸਿਲੰਡਰਾਂ ਦੀ ਸੁਚਾਰੂ, ਪਾਰਦਰਸ਼ੀ ਤੇ ਸਮੇਂ-ਸਿਰ ਸਪਲਾਈ ਹੋ ਸਕੇ। ਭਗਤ ਨੇ ਕਾਲਾ ਬਾਜ਼ਾਰੀ ਤੇ ਗੈਰ-ਕਾਨੂੰਨੀ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਮਾਮਲਾ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਜਾਵੇਗੀ। ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਉਂਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਘਬਰਾਹਟ ’ਚ ਆ ਕੇ ਗੈਰ-ਜ਼ਰੂਰੀ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਜਨਤਾ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ। ਭਗਤ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਵ੍ਹਟਸਐਪ ਹੈਲਪਲਾਈਨ ਨੰਬਰ 9646222555 ਬਾਰੇ ਦੱਸਦਿਆਂ ਕਿਹਾ ਕਿ ਇਸ ਹੈਲਪਲਾਈਨ ਨੰਬਰ ’ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬਾਰੇ ਵ੍ਹਟਸਐਪ ਮੈਸੇਜ ਰਾਹੀਂ ਸੂਚਨਾ ਭੇਜੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਕਿਸੇ ਵੀ ਕੀਮਤ ਤੇ ਅਜਿਹੇ ਦੋਸ਼ੀਆਂ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਕਿਤੇ ਵੀ ਗੈਸ ਸਿਲੰਡਰਾਂ ਦੀ ਕਾਲਾ ਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਉਕਤ ਹੈਲਪਲਾਈਨ ਨੰਬਰ ਰਾਹੀਂ ਸਾਂਝੀ ਕੀਤੀ ਜਾਵੇ, ਤਾਂ ਜੋ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ।