ਗਾਂਜੇ ਦੀ ਖੇਪ ਸਮੇਤ ਤਸਕਰ ਕਾਬੂ
ਗਾਂਜੇ ਦੀ ਖੇਪ ਸਮੇਤ ਤਸਕਰ ਕਾਬੂ
Publish Date: Sun, 11 Jan 2026 07:33 PM (IST)
Updated Date: Mon, 12 Jan 2026 04:15 AM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ ’ਚ ਗਾਂਜੇ ਦੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਸੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਜ਼ੀ ਮੰਡੀ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਨਾਕੇ ਤੋਂ ਲੰਘ ਰਹੀ ਟਾਟਾ ਏਸ ਗੱਡੀ ਨੂੰ ਜਦ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਗੱਡੀ ਰੋਕਣ ਦੀ ਬਜਾਏ ਤੇਜ਼ ਰਫ਼ਤਾਰ ਨਾਲ ਭਜਾੳਣ ਦੀ ਕੋਸ਼ਿਸ਼ ਕੀਤੀ। ਮੁਸਤੈਦ ਖੜ੍ਹੀ ਪੁਲਿਸ ਪਾਰਟੀ ਨੇ ਬੈਰੀਕੇਟ ਲਗਾ ਕੇ ਗੱਡੀ ਨੂੰ ਰੋਕ ਲਿਆ। ਜਦ ਏਐੱਸਆਈ ਸੁਰਜੀਤ ਸਿੰਘ ਨੇ ਗੱਡੀ ’ਚ ਬੈਠੇ ਨੌਜਵਾਨ ਨੂੰ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਯੁਵਰਾਜ ਵਾਸੀ ਸੰਜੇ ਗਾਂਧੀ ਨਗਰ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਨੂੰ ਗੱਡੀ ਨਾ ਰੋਕਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਢੁਕਵਾਂ ਜਵਾਬ ਨਹੀਂ ਦੇ ਸਕਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ’ਚੋਂ ਪੁਲਿਸ ਨੂੰ 22 ਕਿੱਲੋ 300 ਗ੍ਰਾਮ ਗਾਂਜਾ ਮਿਲਿਆ। ਜਿਸ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਡੂੰਘਾਈ ਨਾਲ ਪੁੱਛ-ਗਿੱਛ ਕਰ ਕੇ ਉਸ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।