ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪੁੱਜੀ
ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ
Publish Date: Mon, 20 Apr 2026 10:38 PM (IST)
Updated Date: Mon, 20 Apr 2026 10:42 PM (IST)

- ਖਰੀਦ ਕੀਤੀ ਕਣਕ ਦੀ 214 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ - ਪੰਜਾਬ ਸਰਕਾਰ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਾਈ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695 ਮੀਟ੍ਰਿਕ ਟਨ, ਪਨਸਪ ਵੱਲੋਂ 16,053 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15,477 ਮੀਟ੍ਰਿਕ ਟਨ, ਐੱਫ.ਸੀ.ਆਈ. ਵੱਲੋਂ 3,615 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 105 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 214 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ। ਕਣਕ ਦੇ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ 79 ਰੈਗੂਲਰ ਤੇ 24 ਆਰਜ਼ੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਵਾਲੀਆ ਨੇ ਕਣਕ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਉਪਰੰਤ ਨਾਲੋਂ-ਨਾਲ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਖਰੀਦ ਸੀਜ਼ਨ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।