- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਕਾ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਕੌਮ ਦੇ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਸੀ। ਇਸ ਤੋਂ ਕੁਝ ਮਹੀਨਿਆਂ ਬਾਅਦ ਨਵੰਬਰ 1984 ਵਿੱਚ ਸਿੱਖਾਂ ਵਿਰੁੱਧ ਹੋਈ ਦੰਗਿਆਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਉਜਾੜ ਦਿੱਤਾ।

ਡਿਜੀਟਲ ਡੈਸਕ, ਨਵੀਂ ਦਿੱਲੀ/ਜਲੰਧਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇਤਿਹਾਸਕ ਤੱਥਾਂ ਅਤੇ ਸਿੱਖ ਪੀੜਤ ਪਰਿਵਾਰਾਂ ਦੇ ਦਰਦ ਨੂੰ ਨਜ਼ਰਅੰਦਾਜ਼ ਕਰਦਿਆਂ ਗਾਂਧੀ ਪਰਿਵਾਰ ਦੇ ਯੋਗਦਾਨ ਨੂੰ ਜਿਸ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਸ ਵਿਰੁੱਧ ਅੱਜ ਜ਼ੋਰਦਾਰ ਰੋਸ ਪ੍ਰਗਟਾਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਕ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਨਵੰਬਰ 1984 ਦੇ ਜ਼ਖ਼ਮ ਸਿੱਖ ਕੌਮ ਦੇ ਹਿਰਦਿਆਂ ਵਿੱਚ ਅੱਜ ਵੀ ਅੱਲ੍ਹੇ ਹਨ। ਕਿਸੇ ਕਿਤਾਬ ਵਿੱਚ ਲਿਖੇ ਗਏ ਬਿਆਨਾਂ ਰਾਹੀਂ ਨਾ ਤਾਂ ਇਤਿਹਾਸਕ ਸੱਚਾਈ ਨੂੰ ਬਦਲਿਆ ਜਾ ਸਕਦਾ ਹੈ ਅਤੇ ਨਾ ਹੀ ਹਜ਼ਾਰਾਂ ਪੀੜਤ ਪਰਿਵਾਰਾਂ ਦੀਆਂ ਹੱਡਬੀਤੀਆਂ ਨੂੰ ਝੁਠਲਾਇਆ ਜਾ ਸਕਦਾ ਹੈ।
ਕਾਲਕਾ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਕੌਮ ਦੇ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਸੀ। ਇਸ ਤੋਂ ਕੁਝ ਮਹੀਨਿਆਂ ਬਾਅਦ ਨਵੰਬਰ 1984 ਵਿੱਚ ਸਿੱਖਾਂ ਵਿਰੁੱਧ ਹੋਈ ਦੰਗਿਆਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਉਜਾੜ ਦਿੱਤਾ। ਉਨਾਂ ਕਿਹਾ ਕਿ ਬੇਕਸੂਰ ਸਿੱਖਾਂ ਦੀਆਂ ਜਾਨਾਂ ਗਈਆਂ, ਘਰਾਂ ਅਤੇ ਕਾਰੋਬਾਰਾਂ ਨੂੰ ਤਬਾਹ ਕੀਤਾ ਗਿਆ ਅਤੇ ਗੁਰਦੁਆਰਿਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਪੀੜ ਨੂੰ ਸਮਝਣ ਦੀ ਬਜਾਏ ਜੇਕਰ ਉਸ ਸਮੇਂ ਦੇ ਸੱਤਾਧਾਰੀ ਪਰਿਵਾਰ ਦੀ ਵਿਰਾਸਤ ਨੂੰ ਮਹਿਮਾਮੰਡਿਤ ਕਰਨ ਲਈ ਅਜਿਹਾ ਬਿਰਤਾਂਤ ਸਿਰਜਿਆ ਜਾਂਦਾ ਹੈ, ਜੋ ਸਿੱਖ ਪੀੜਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਤਾਂ ਸਿੱਖ ਕੌਮ ਵੱਲੋਂ ਇਸ ਦਾ ਵਿਰੋਧ ਕਰਨਾ ਸੁਭਾਵਿਕ ਹੈ।
ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਦੀ ਕਿਤਾਬ ਵਿੱਚ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਭਾਰਤ ਦੇਸ਼ ਨੂੰ ਜਿਸ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਉਸ ਨਾਲ 1984 ਦੇ ਪੀੜਤ ਪਰਿਵਾਰਾਂ ਦੇ ਮਨਾਂ ਵਿੱਚ ਕਈ ਗੰਭੀਰ ਸਵਾਲ ਪੈਦਾ ਹੁੰਦੇ ਹਨ। ਇੱਕ ਪਾਸੇ ਸ਼ਾਂਤੀ ਅਤੇ ਸਦਭਾਵਨਾ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਰਹੀਆਂ, ਪਰ ਦੂਜੇ ਪਾਸੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ ਲੱਗਦੇ ਰਹੇ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਯੋਗਦਾਨ ਬਾਰੇ ਕਿਤਾਬ ਵਿੱਚ ਕੀਤੀ ਗਈ ਪੇਸ਼ਕਾਰੀ ਨੂੰ 1984 ਦੇ ਮਾਮਲਿਆਂ ਵਿੱਚ ਅਦਾਲਤਾਂ ਸਾਹਮਣੇ ਦਰਜ ਹੋਈਆਂ ਗਵਾਹੀਆਂ ਅਤੇ ਪੀੜਤਾਂ ਦੇ ਬਿਆਨਾਂ ਨੂੰ ਹੀ ਦੇਖਿਆ ਜਾਣਾ ਚਾਹੀਦਾ ਹੈ।
ਕਾਲਕਾ ਨੇ ਕਿਹਾ ਕਿ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲਨਾਥ ਵਰਗੇ ਕਾਂਗਰਸ ਆਗੂਆਂ ਦੇ ਯੋਗਦਾਨ ਨੂੰ ਲੈ ਕੇ ਸਿੱਖ ਕੌਮ ਲੰਮੇ ਸਮੇਂ ਤੋਂ ਸਵਾਲ ਉਠਾਉਂਦੀ ਅਤੇ ਇਨਸਾਫ਼ ਦੀ ਮੰਗ ਕਰਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਅਜਿਹੇ ਆਗੂਆਂ ਨੂੰ ਸਿਆਸੀ ਅਹੁਦਿਆਂ, ਵੱਡੀਆਂ ਸਹੂਲਤਾਂ ਨਾਲ ਨਿਵਾਜਿਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਪਰਿਵਾਰ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਪਣੇ ਪਿਆਰਿਆਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਦਾਲਤਾਂ ਦੇ ਚੱਕਰ ਲਗਾ ਰਹੇ ਹਨ, ਉਨ੍ਹਾਂ ਦੇ ਦਰਦ ਨੂੰ ਨਜ਼ਰਅੰਦਾਜ਼ ਕਰਕੇ ਕਿਸੇ ਵੀ ਵਿਅਕਤੀ ਦੀ ਭੂਮਿਕਾ ਨੂੰ ਸਾਫ਼-ਸੁਥਰਾ ਦਿਖਾਉਣ ਦੀ ਕੋਸ਼ਿਸ਼ ਕਰਨਾ ਇਨਸਾਫ਼ ਦੀ ਭਾਵਨਾ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਵਾਂ ਨੇ ਆਪਣੇ ਪੁੱਤਰ ਗੁਆਏ, ਜਿਨ੍ਹਾਂ ਭੈਣਾਂ ਨੇ ਆਪਣੇ ਭਰਾ ਗੁਆਏ, ਜਿਨ੍ਹਾਂ ਪਤਨੀਆਂ ਦੇ ਸੁਹਾਗ ਉੱਜੜੇ ਅਤੇ ਜਿਨ੍ਹਾਂ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ, ਉਨ੍ਹਾਂ ਦੇ ਦਰਦ ਨੂੰ ਕੋਈ ਕਿਤਾਬੀ ਬਿਰਤਾਂਤ ਨਹੀਂ ਮਿਟਾ ਸਕਦਾ। ਅੱਜ ਵੀ ਕਈ ਸਿੱਖ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਕਿਸੇ ਦੀ ਕਲੀਨ ਚਿੱਟ ਦੀ ਲੋੜ ਨਹੀਂ, ਸਗੋਂ ਇਤਿਹਾਸਕ ਸੱਚਾਈ ਦੀ ਸਵੀਕਾਰਤਾ, ਜਵਾਬਦੇਹੀ ਅਤੇ ਪੀੜਤਾਂ ਨੂੰ ਇਨਸਾਫ਼ ਦੀ ਲੋੜ ਹੈ।
ਇਸ ਮੌਕੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਿੱਖ ਇਤਿਹਾਸ ਦਾ ਅਜਿਹਾ ਕਾਲਾ ਸਮਾਂ ਹੈ, ਜਿਸ ਨੂੰ ਸਮੇਂ ਨਾਲ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਤਿਹਾਸ ਸਿਰਫ਼ ਸੱਤਾ ਵਿੱਚ ਰਹੇ ਲੋਕਾਂ ਦੇ ਬਿਆਨਾਂ ਨਾਲ ਨਹੀਂ ਬਣਦਾ, ਸਗੋਂ ਉਸ ਵਿੱਚ ਸਿੱਖ ਪੀੜਤਾਂ ਦੀਆਂ ਗਵਾਹੀਆਂ, ਉਨ੍ਹਾਂ ਦੀਆਂ ਹੱਡਬੀਤੀਆਂ ਅਤੇ ਸਮਾਜ ਦੀ ਸਾਂਝੀ ਯਾਦ ਵੀ ਸ਼ਾਮਲ ਹੁੰਦੀ ਹੈ। ਜੇਕਰ ਕਿਸੇ ਕਿਤਾਬ ਰਾਹੀਂ ਇਨ੍ਹਾਂ ਤੱਥਾਂ ਅਤੇ ਪੀੜਤਾਂ ਦੇ ਕੌੜੇ ਸੱਚ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਤਾਂ ਉਸ ਵਿਰੁੱਧ ਆਵਾਜ਼ ਉਠਾਉਣਾ ਸਾਡਾ ਨੈਤਿਕ ਫ਼ਰਜ਼ ਹੈ।
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਇੱਕ ਸਿਆਸੀ ਪਾਰਟੀ ਦੇ ਵਿਰੋਧ ਤੱਕ ਸੀਮਤ ਨਹੀਂ, ਬਲਕਿ ਸੱਚਾਈ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨਾਲ ਜੁੜਿਆ ਹੋਇਆ ਹੈ। ਸਿੱਖ ਕੌਮ ਚਾਹੁੰਦੀ ਹੈ ਕਿ 1984 ਦੇ ਪੀੜਤਾਂ ਨੂੰ ਇਨਸਾਫ਼ ਮਿਲੇ ਅਤੇ ਇਸ ਦਰਦਨਾਕ ਇਤਿਹਾਸ ਨੂੰ ਬਿਨਾਂ ਕਿਸੇ ਸਿਆਸੀ ਪੱਖਪਾਤ ਦੇ ਸਵੀਕਾਰ ਕੀਤਾ ਜਾਵੇ।
ਇਸੇ ਰੋਸ ਦੇ ਪ੍ਰਗਟਾਵੇ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਤਾਬ ਦੀ ਲੇਖਿਕਾ ਅਤੇ ਇਸ ਦੇ ਪ੍ਰਕਾਸ਼ਨ ਨਾਲ ਜੁੜੇ ਲੋਕਾਂ ਪ੍ਰਤੀ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਇਸ ਦੌਰਾਨ ਸੋਨੀਆ ਗਾਂਧੀ ਨਾਲ ਜੋੜੀ ਜਾ ਰਹੀ ਕਿਤਾਬ ਨੂੰ 1984 ਦੇ ਪੀੜਤਾਂ ਦੀ ਯਾਦ ਵਿੱਚ ਬਣਾਈ ਗਈ ਯਾਦਗਾਰ ਵਾਲੇ ਸਥਾਨ ’ਤੇ ਸਾੜਿਆ ਗਿਆ। ਇਹ ਪ੍ਰਦਰਸ਼ਨ ਉਨ੍ਹਾਂ ਹਜ਼ਾਰਾਂ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਸੀ, ਜਿਨ੍ਹਾਂ ਨੇ ਉਸ ਕਾਲੇ ਦੌਰ ਦੌਰਾਨ ਆਪਣੀਆਂ ਜਾਨਾਂ ਗੁਆਈਆਂ ਅਤੇ ਉਨ੍ਹਾਂ ਪਰਿਵਾਰਾਂ ਦੀ ਆਵਾਜ਼ ਸੀ, ਜੋ ਅੱਜ ਵੀ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ।
ਰੋਸ ਪ੍ਰਦਰਸ਼ਨ ਵਿੱਚ 1984 ਦੇ ਪੀੜਤ ਪਰਿਵਾਰਾਂ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਦੀ ਹਾਜ਼ਰੀ ਇਸ ਗੱਲ ਦਾ ਪ੍ਰਮਾਣ ਹੈ ਕਿ 1984 ਦੀ ਤ੍ਰਾਸਦੀ ਸਿਰਫ਼ ਇਤਿਹਾਸ ਦਾ ਇੱਕ ਪੰਨਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਦੀ ਅੱਜ ਵੀ ਜਿਊਂਦੀ ਹਕੀਕਤ ਹੈ।
ਦੋਂਵੇ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਆਪਣੀਆਂ ਸ਼ਹਾਦਤਾਂ, ਕੁਰਬਾਨੀਆਂ ਅਤੇ ਇਤਿਹਾਸਕ ਵਿਰਾਸਤ ਬਾਰੇ ਕਿਸੇ ਵੀ ਇਕਪਾਸੜ ਪੇਸ਼ਕਾਰੀ ਨੂੰ ਚੁੱਪਚਾਪ ਸਵੀਕਾਰ ਨਹੀਂ ਕਰੇਗੀ। ਜਦੋਂ ਤੱਕ ਆਖ਼ਰੀ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਅਤੇ 1984 ਦੀਆਂ ਘਟਨਾਵਾਂ ਨਾਲ ਜੁੜੀ ਸੱਚਾਈ ਨੂੰ ਪੂਰੀ ਇਮਾਨਦਾਰੀ ਨਾਲ ਸਵੀਕਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਨਸਾਫ਼ ਦੀ ਇਹ ਆਵਾਜ਼ ਬੁਲੰਦ ਰਹੇਗੀ।