ਪੰਜਾਬੀ ਜਾਗਰਣ ਕੇਂਦਰ, ਜਲੰਧਰ : ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਠੋਸ ਉਪਰਾਲੇ ਕਰਨ ਦੇ ਸੰਕਲਪ ਨਾਲ ਅੱਜ 7ਵਾਂ ਸਪਾਰਕ ਕਰੀਅਰ ਗਾਈਡੈਂਸ ਮੇਲਾ ਸਫਲਤਾ ਦੀਆਂ ਉਚਾਈਆਂ ਨੂੰ ਛੂੰਹਦਾ ਹੋਇਆ ਸਮਾਪਤ ਹੋ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੇ ਕਿਹਾ ਕਿ ਸਪਾਰਕ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਕਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਰੁਚੀ ਅਨੁਸਾਰ ਉਚੇਰੀ ਸਿੱਖਿਆ ਅਤੇ ਸਹੀ ਕਿੱਤੇ ਦੀ ਚੋਣ ਕਰ ਸਕਣ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਨੂੰ ਕਿੱਤੇ ਦੀ ਅਗਵਾਈ ਦੇਣਾ ਸਮੇਂ ਦੀ ਮੁੱਖ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਰੀਅਰ ਗਾਈਡੈਂਸ ਮੇਲੇ ਦਾ ਇਕੋ ਇਕ ਉਦੇਸ਼ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਮਿਆਰੀ ਕਰੀਅਰ ਗਾਈਡੈਂਸ ਤਕ ਪਹੁੰਚ ਨੂੰ ਯਕੀਨੀ ਬਣਾਉਣ ਹੈ ਤਾਂ ਜੋ ਉਹ ਸਹੀ ਕਰੀਅਰ ਦੀ ਚੋਣ ਕਰ ਕੇ ਆਪਣੇ ਰੌਸ਼ਨ ਭਵਿੱਖ ਲਈ ਰਾਹ ਪੱਧਰਾ ਕਰ ਸਕਣ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਸਮਾਗਮ ਨੌਜਵਾਨਾਂ ਨੂੰ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਉਣ ਵਿਚ ਸਹਾਇਕ ਸਾਬਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਪਾਰਕ ਮੇਲਾ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖਸੀਅਤ ਦੇ ਵਿਕਾਸ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਰੀਅਰ ਪੱਖੋਂ ਸੇਧ ਦੇਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਆਪਣਾ ਟੀਚਾ ਮਿੱਥਣ ਅਤੇ ਇਸ ਦੀ ਪ੍ਰਰਾਪਤੀ ਲਈ ਤਨਦੇਹੀ ਨਾਲ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਦੁਨੀਆ ਭਰ ਦੇ ਆਪਣੇ ਸਾਥੀਆਂ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ਵਿਚ ਪਛੜਨ ਦੀ ਕੋਈ ਗੁੰਜਾਇਸ਼ ਨਹੀਂ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਜੀਐੱਨਏ ਗਰੁੱਪ, ਐੱਚਡੀਐੱਫਸੀ ਬੈਂਕ, ਆਈਵੀਵਾਈ ਵਰਲਡ ਸਕੂਲ, ਸੇਂਟ ਸੋਲਜਰ ਗਰੁੱਪ ਤੋਂ ਇਲਾਵਾ ਹੋਰ ਸਪਾਂਸਰਾਂ ਦੇ ਨੁਮਾਇੰਦਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।