ਵਿਦਿਆਰਥਣਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਆ
ਮਹਿਲਾਵਾਂ ਲਈ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਵਿਸ਼ੇਸ਼ ਕੈਂਪ
Publish Date: Tue, 20 Jan 2026 07:49 PM (IST)
Updated Date: Tue, 20 Jan 2026 07:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਇਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ’ਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਔਰਤਾਂ ਲਈ ਸਿਹਤ, ਸਫ਼ਾਈ ਤੇ ਰੁਜ਼ਗਾਰ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਐੱਚਐੱਮਵੀ ਕਾਲਜ ਵਿਖੇ ਕਰਵਾਇਆ ਗਿਆ। ਸਮਾਗਮ ’ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਰੁਜ਼ਗਾਰ/ਸਵੈ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਔਰਤਾਂ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ ਵੀ ਮੌਜੂਦ ਸਨ। ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਰੁਜ਼ਗਾਰ, ਸਿਹਤ, ਸਮਾਜਿਕ ਨਿਆਂ ਤੇ ਅਧਿਕਾਰਤਾ, ਖੇਤੀਬਾੜੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਹੋਰ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ, ਜਿੱਥੇ ਔਰਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਤੋਂ ਇਲਾਵਾ ਇਸ ਸਬੰਧੀ ਪ੍ਰਦਰਸ਼ਨੀ ਵੀ ਲਾਈ ਗਈ। ਇਸ ਕੈਂਪ ਦਾ ਮੁੱਖ ਆਕਰਸ਼ਣ ਰੁਜ਼ਗਾਰ ਮੇਲਾ ਰਿਹਾ, ਜਿਸ ’ਚ ਕਰੀਬ 200 ਵਿਦਿਆਰਥਣਾਂ ਨੇ ਰੁਜ਼ਗਾਰ ਦੇ ਮੌਕਿਆਂ ਲਈ ਰਜਿਸਟ੍ਰੇਸ਼ਨ ਕਰਵਾਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਲੀਡ ਬੈਂਕ ਮੈਨੇਜਰ ਐੱਮਐੱਸ ਮੋਤੀ, ਸਿਵਲ ਸਰਜਨ ਦਫ਼ਤਰ ਤੋਂ ਅਸੀਮ ਸ਼ਰਮਾ, ਪ੍ਰਿੰਸੀਪਲ ਏਕਤਾ ਖੋਸਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।