ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨਾਂ ਦਾ ਸਨਮਾਨ
ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਗ੍ਰਹਿ ਵਿਖੇ ਜਲੰਧਰ ਸ਼ਹਿਰੀ
Publish Date: Wed, 07 Jan 2026 06:55 PM (IST)
Updated Date: Wed, 07 Jan 2026 06:57 PM (IST)

-ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਗ੍ਰਹਿ ਵਿਖੇ ਸਮਾਗਮ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਤਹਿਤ ਸ਼ਹਿਰੀ ਤੋਂ ਅਮਰਜੀਤ ਸਿੰਘ ਕਿਸ਼ਨਪੁਰਾ ਤੇ ਦਿਹਾਤੀ ਤੋਂ ਸੁਖਵੰਤ ਸਿੰਘ ਰੌਲੀ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਪ੍ਰਧਾਨਾਂ ਵੱਲੋਂ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਤੇ ਪੰਥਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਜਥੇਦਾਰ ਵਡਾਲਾ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਨਵੀਂ ਊਰਜਾ ਨਾਲ ਅੱਗੇ ਵਧ ਰਹੀ ਹੈ ਤੇ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ’ਚ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨਵ-ਨਿਯੁਕਤ ਪ੍ਰਧਾਨਾਂ ਨੂੰ ਪਾਰਟੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਅਮਰਜੀਤ ਸਿੰਘ ਕਿਸ਼ਨਪੁਰਾ ਤੇ ਸੁਖਵੰਤ ਸਿੰਘ ਰੌਲੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨਾਂ ਨੇ ਜਥੇਦਾਰ ਵਡਾਲਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ’ਚ ਜਲਦ ਹੀ ਪਾਰਟੀ ਇਕਾਈਆਂ ਦਾ ਵਿਸਥਾਰ ਕੀਤਾ ਜਾਵੇਗਾ ਤੇ ਪੰਥਕ ਹਿੱਤਾਂ ਦੀ ਰੱਖਿਆ ਲਈ ਹਰ ਵੇਲੇ ਤੱਤਪਰ ਰਿਹਾ ਜਾਵੇਗਾ। ਅੰਤ ’ਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਉਮੀਦ ਪ੍ਰਗਟਾਈ ਕਿ ਇਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਲੰਧਰ ਜ਼ਿਲ੍ਹੇ ’ਚ ਨਵੀਂ ਸਿਆਸੀ ਲਹਿਰ ਪੈਦਾ ਕਰੇਗਾ।