- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜ਼ ਰਫ਼ਤਾਰ ਕਾਰ ਨੇ ਮਜ਼ਦੂਰਾਂ ਨੂੰ ਕੁਚਲਿਆ, ਤਿੰਨ ਦੀ ਹਾਲਤ ਗੰਭੀਰ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ
ਥਾਣਾ ਬਸਤੀ ਬਾਵਾ ਖੇਲ ਦੀ ਹੱਦ ’ਚ ਪੈਂਦੇ ਕਪੂਰਥਲਾ ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਨੇ ਇਲਾਕੇ ’ਚ ਹਫੜਾ-ਦਫੜੀ ਮਚਾ ਦਿੱਤੀ ਜਦ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਕੰਢੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਤਿੰਨ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕੁਝ ਮਜ਼ਦੂਰ ਸੜਕ ਕੰਢੇ ਬੈਠੇ ਆਪਣੇ ਕੰਮ ’ਚ ਰੁੱਝੇ ਹੋਏ ਸਨ। ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ ਤੇ ਸਿੱਧੇ ਮਜ਼ਦੂਰਾਂ ’ਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ ਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਟੱਕਰ ਦੀ ਆਵਾਜ਼ ਦੂਰੋਂ ਸੁਣਾਈ ਦਿੱਤੀ, ਜਿਸ ਨਾਲ ਮੌਕੇ 'ਤੇ ਹਫੜਾ-ਦਫੜੀ ਮਚ ਗਈ।
ਘਟਨਾ ਤੋਂ ਬਾਅਦ ਕਾਰ ਦੇ ਡਰਾਈਵਰ ਨੇ ਕਿਹਾ ਕਿ ਉਹ ਆਮ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਉਸ ਨੇ ਕਿਹਾ ਕਿ ਕਾਰ ਦਾ ਟਾਇਰ ਅਚਾਨਕ ਟੁੱਟੇ ਹੋਏ ਗਟਰ ਜਾਂ ਸੜਕ 'ਤੇ ਖੁੱਲ੍ਹੇ ਰਾਡ ਨਾਲ ਟਕਰਾਉਣ ਤੋਂ ਬਾਅਦ ਫਟ ਗਿਆ, ਜਿਸ ਕਾਰਨ ਉਹ ਗੱਡੀ ਤੋਂ ਕੰਟਰੋਲ ਗੁਆ ਬੈਠਾ ਅਤੇ ਹਾਦਸਾ ਵਾਪਰਿਆ। ਡਰਾਈਵਰ ਨੇ ਇਸ ਨੂੰ ਇਕ ਮੰਦਭਾਗੀ ਘਟਨਾ ਦੱਸਿਆ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਤੇ ਜ਼ਖਮੀ ਮਜ਼ਦੂਰਾਂ ਦੇ ਸਾਥੀਆਂ ਨੇ ਡਰਾਈਵਰ ਦੇ ਦਾਅਵੇ ਨੂੰ ਸਾਫ਼-ਸਾਫ਼ ਰੱਦ ਕਰ ਦਿੱਤਾ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਤੇ ਡਰਾਈਵਰ ਕਥਿਤ ਤੌਰ 'ਤੇ ਨਸ਼ੇ ’ਚ ਸੀ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਸ਼ਹਿਰ ’ਚ ਤੇਜ਼ ਰਫ਼ਤਾਰ ਵਾਹਨਾਂ ਨੂੰ ਰੋਕਣ ਲਈ ਢੁਕਵੇਂ ਉਪਾਅ ਕਰਨ ਵਿਚ ਅਸਫਲ ਰਿਹਾ ਹੈ, ਜਿਸ ਕਾਰਨ ਅਜਿਹੇ ਹਾਦਸਿਆਂ ’ਚ ਵਾਧਾ ਹੋ ਰਿਹਾ ਹੈ। ਹਾਦਸੇ ਤੋਂ ਬਾਅਦ ਗੁੱਸੇ ’ਚ ਆਈ ਭੀੜ ਨੇ ਮੌਕੇ 'ਤੇ ਹੰਗਾਮਾ ਕੀਤਾ ਤੇ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ 'ਤੇ ਪੁੱਜੀਆਂ ਤੇ ਸਥਿਤੀ ਨੂੰ ਕਾਬੂ ਵਿਚ ਲਿਆਂਦਾ। ਪੁਲਿਸ ਨੇ ਨੁਕਸਾਨੀ ਗਈ ਕਾਰ ਨੂੰ ਜ਼ਬਤ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡਰਾਈਵਰ ਦੇ ਨਸ਼ੇ ਵਿੱਚ ਹੋਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।