- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026

ਵਿਧਾਇਕ, ਚੇਅਰਮੈਨ, ਮੇਅਰ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਸਾਂਝੀ ਅਪੀਲ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਗਏ ਹਨ। ਵਿਧਾਇਕ ਇੰਦਰਜੀਤ ਕੌਰ ਮਾਨ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਨੌਜਵਾਨਾਂ ਤੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਪਰਮਿੰਦਰ ਸਿੰਘ ਪੰਡੌਰੀ, ਹਰਜੋਤ ਕੌਰ ਲੋਹਟੀਆ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਡਾਂ ’ਚ ਅੰਡਰ-14, ਅੰਡਰ-17, ਅੰਡਰ-21 , 21-30,31-40,41-50,51-60, 61-70 ਅਤੇ 70 ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਦੇ ਹਨ। ਇਨ੍ਹਾਂ ਖੇਡਾਂ ’ਚ 9 ਉਮਰ ਵਰਗ ’ਚ 38 ਖੇਡਾਂ ਤੇ 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਉੱਤੇ ਕਰਵਾਏ ਜਾ ਰਹੇ ਹਨ। ਜੇਤੂਆਂ ਨੂੰ ਕੁੱਲ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ। ਬਲਾਕ ਪੱਧਰ ’ਤੇ ਸੱਤ ਖੇਡਾਂ ਅਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਦਕਿ 20 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਲਾਕ ਪੱਧਰ ਦੀਆਂ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਹੋਰ ਖੇਡਾਂ ਸਿੱਧੀਆਂ ਜ਼ਿਲ੍ਹਾ ਪੱਧਰ ’ਤੇ ਨਵੀਆਂ ਸ਼ਾਮਲ ਹੋਣਗੀਆਂ। ਜ਼ਿਲ੍ਹਾ ਪੱਧਰ ’ਤੇ ਕੁੱਲ 28 ਖੇਡਾਂ ਦੇ ਮੁਕਾਬਲੇ ਹੋਣਗੇ। ਇਨ੍ਹਾਂ 21 ਖੇਡਾਂ ’ਚ ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨ ਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਲ ਹਨ। 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ’ਤੇ ਜ਼ਿਲ੍ਹਾ ਪੱਧਰ ਦੀਆਂ 28 ਖੇਡਾਂ ਦੇ ਜੇਤੂਆਂ ਤੋਂ ਇਲਾਵਾ 10 ਹੋਰ ਖੇਡਾਂ ਸਿੱਧੀਆਂ ਸੂਬਾ ਪੱਧਰ ਉੱਤੇ ਨਵੀਆਂ ਸ਼ਾਮਲ ਹੋਣਗੀਆਂ। ਸੂਬਾ ਪੱਧਰ ਉਤੇ ਕੁੱਲ 38 ਖੇਡਾਂ ਦੇ ਮੁਕਾਬਲੇ ਹੋਣਗੇ। ਇਨ੍ਹਾਂ 10 ਹੋਰ ਖੇਡਾਂ ਵਿੱਚ ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਵਿੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੁੜਸਵਾਰੀ, ਤਾਇਕਵਾਂਡੋ, ਬੇਸਬਾਲ ਅਤੇ ਕਰਾਟੇ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਚਾਰ ਪੈਰਾ ਖੇਡਾਂ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਹੋਣਗੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮੀਡੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ 14 ਸਾਲ ਤੋਂ ਲੈ ਕੇ 70 ਸਾਲ ਉਪਰ ਕੋਈ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਸਕਦਾ ਹੈ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ ਤੋਂ ਇਲ਼ਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।