ਖੇਡਾਂ ਵਤਨ ਪੰਜਾਬ ਦੀਆਂ-2026 : ਜਲੰਧਰ 'ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ, ਡਿਪਟੀ ਕਮਿਸ਼ਨਰ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
Publish Date: Thu, 27 Aug 2026 04:24 PM (IST)
Updated Date: Thu, 27 Aug 2026 04:27 PM (IST)
ਤੇਜਿੰਦਰ ਕੌਰ ਥਿੰਦ, ਜਲੰਧਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ, ਰੈਸਲਿੰਗ ਸਮੇਤ 28 ਖੇਡਾਂ ਦੇ ਮੁਕਾਬਲੇ ਹੋਣਗੇ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ
https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੇਡ ਸੰਸਥਾਵਾਂ ਅਤੇ ਕੋਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਜਲੰਧਰ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਹੋਰ ਰੌਸ਼ਨ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।