- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਜ਼ਮਾਂ ਦੇ ਮੋਬਾਈਲ ਫੋਨਾਂ, ਕਾਲ ਡਿਟੇਲ ਰਿਕਾਰਡ (ਸੀਡੀਆਰ) ਅਤੇ ਡਿਜ਼ੀਟਲ ਗਤੀਵਿਧੀਆਂ ਦੀ ਜਾਂਚ ਦੌਰਾਨ ਪੁਲਿਸ ਨੇ 15 ਤੋਂ ਵੱਧ ਅਜਿਹੇ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਹੈ, ਜੋ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਸਨ। ਇਨ੍ਹਾਂ ਵਿੱਚ ਮੁਲਜ਼ਮਾਂ ਦੇ ਕੁਝ ਰਿਸ਼ਤੇਦਾਰ, ਕਰੀਬੀ ਜਾਣਕਾਰ ਅਤੇ ਹੋਰ ਸ਼ੱਕੀ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ।

ਸੁਕਰਾਂਤ, ਪੰਜਾਬੀ ਜਾਗਰਣ, ਜਲੰਧਰ : ਪਾਕਿਸਤਾਨ ਲਈ ਕਥਿਤ ਜਾਸੂਸੀ ਕਰਨ ਦੇ ਦੋਸ਼ ਹੇਠ ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨਾਂ ਦੇ ਮਾਮਲੇ ਵਿੱਚ ਜਾਂਚ ਹੋਰ ਤੇਜ਼ ਹੋ ਗਈ ਹੈ। ਮੁਲਜ਼ਮਾਂ ਦੇ ਮੋਬਾਈਲ ਫੋਨਾਂ, ਕਾਲ ਡਿਟੇਲ ਰਿਕਾਰਡ (ਸੀਡੀਆਰ) ਅਤੇ ਡਿਜ਼ੀਟਲ ਗਤੀਵਿਧੀਆਂ ਦੀ ਜਾਂਚ ਦੌਰਾਨ ਪੁਲਿਸ ਨੇ 15 ਤੋਂ ਵੱਧ ਅਜਿਹੇ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਹੈ, ਜੋ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਸਨ। ਇਨ੍ਹਾਂ ਵਿੱਚ ਮੁਲਜ਼ਮਾਂ ਦੇ ਕੁਝ ਰਿਸ਼ਤੇਦਾਰ, ਕਰੀਬੀ ਜਾਣਕਾਰ ਅਤੇ ਹੋਰ ਸ਼ੱਕੀ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਅਤੇ ਕੇਂਦਰੀ ਜਾਂਚ ਏਜੰਸੀਆਂ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਨਾਲ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਪੁਲਿਸ ਨੇ ਅਜੇ ਤੱਕ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਜਨਤਕ ਨਹੀਂ ਕੀਤੀ, ਪਰ ਉਨ੍ਹਾਂ ਦੀ ਭਾਲ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਮੇਤ ਹੋਰ ਸੂਬਿਆਂ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਇਨ੍ਹਾਂ ਵਿਅਕਤੀਆਂ ਦਾ ਕਥਿਤ ਜਾਸੂਸੀ ਨੈੱਟਵਰਕ ਨਾਲ ਸਿੱਧਾ ਜਾਂ ਅਸਿੱਧਾ ਕੋਈ ਸਬੰਧ ਸੀ ਜਾਂ ਨਹੀਂ। ਇਸੇ ਲੜੀ ਤਹਿਤ ਪੰਜ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ।
ਮੋਬਾਈਲ ਡਾਟਾ ਅਤੇ ਸੀਡੀਆਰ ਬਣੇ ਜਾਂਚ ਦਾ ਅਹਿਮ ਆਧਾਰ
ਜਾਂਚ ਦੌਰਾਨ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਤੋਂ ਕਈ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਕੁਝ ਖਾਸ ਨੰਬਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਇੰਟਰਨੈੱਟ ਆਧਾਰਿਤ ਕਾਲਿੰਗ ਐਪਲੀਕੇਸ਼ਨਾਂ ਰਾਹੀਂ ਵੀ ਸੰਪਰਕ ਬਣਾਏ ਰੱਖੇ ਜਾਣ ਦਾ ਸ਼ੱਕ ਹੈ।
ਜਾਂਚ ਏਜੰਸੀਆਂ ਮੁਲਜ਼ਮਾਂ ਦੇ ਬੈਂਕ ਖਾਤਿਆਂ, ਡਿਜ਼ੀਟਲ ਲੈਣ-ਦੇਣ, ਵਿਦੇਸ਼ੀ ਨੰਬਰਾਂ ਨਾਲ ਸੰਪਰਕ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਸੇ ਵੱਡੇ ਜਾਸੂਸੀ ਨੈੱਟਵਰਕ ਦਾ ਹਿੱਸਾ ਸਨ ਜਾਂ ਸੀਮਤ ਪੱਧਰ 'ਤੇ ਹੀ ਜਾਣਕਾਰੀਆਂ ਸਾਂਝੀਆਂ ਕਰ ਰਹੇ ਸਨ। ਜੇਕਰ ਜਾਂਚ ਵਿੱਚ ਵੱਡੇ ਨੈੱਟਵਰਕ ਦੀ ਪੁਸ਼ਟੀ ਹੁੰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
ਕੀ ਹੈ ਪੂਰਾ ਮਾਮਲਾ?
ਜਲੰਧਰ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਪਾਕਿਸਤਾਨ ਲਈ ਕਥਿਤ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਚਿਨ ਖੋਸਲਾ, ਭਾਰਤ ਵਰਮਾ ਉਰਫ਼ ਸੰਨੀ ਅਤੇ ਪ੍ਰਦੀਪ ਸਿੰਘ ਵਜੋਂ ਹੋਈ ਸੀ।
ਜਾਂਚ ਅਨੁਸਾਰ ਤਿੰਨੇ ਪਾਕਿਸਤਾਨ ਵਿੱਚ ਬੈਠੇ ਗੈਂਗਸਟਰ ਅਤੇ ਕਥਿਤ ਖੁਫ਼ੀਆ ਨੈੱਟਵਰਕ ਨਾਲ ਜੁੜੇ ਸ਼ਹਿਜ਼ਾਦ ਭੱਟੀ ਅਤੇ ਹਮਾਸ ਗੁੱਜਰ ਦੇ ਸੰਪਰਕ ਵਿੱਚ ਸਨ।
ਦੋਸ਼ ਹੈ ਕਿ ਉਹ ਸਰਕਾਰੀ ਦਫ਼ਤਰਾਂ, ਮਹੱਤਵਪੂਰਨ ਅਦਾਰਿਆਂ ਅਤੇ ਸੰਵੇਦਨਸ਼ੀਲ ਥਾਵਾਂ ਨਾਲ ਸਬੰਧਤ ਜਾਣਕਾਰੀਆਂ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਭੇਜ ਰਹੇ ਸਨ।
ਪੁਲਿਸ ਨੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਹੋਰ ਡਿਜ਼ੀਟਲ ਉਪਕਰਨ ਕਬਜ਼ੇ ਵਿੱਚ ਲੈ ਕੇ ਜਾਂਚ ਜਾਰੀ ਰੱਖੀ ਹੋਈ ਹੈ।