- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੀ ਜਾਇਦਾਦ ਦੀ ਰੱਖਿਆ ਕਰਨਾ ਐੱਸਜੀਪੀਸੀ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਜ਼ਮੀਨਾਂ ਦੇ ਸੌਦਿਆਂ 'ਚ ਪਾਰਦਰਸ਼ਤਾ ਨਹੀਂ ਵਰਤੀ ਜਾ ਰਹੀ ਅਤੇ ਫ਼ੈਸਲੇ ਬਿਨਾਂ ਕਿਸੇ ਵਿਆਪਕ ਚਰਚਾ ਦੇ ਲਏ ਜਾ ਰਹੇ ਹਨ।

ਜਾਗਰਣ ਸੰਵਾਦਦਾਤਾ, ਜਲੰਧਰ : ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) 'ਤੇ ਗੰਭੀਰ ਦੋਸ਼ ਲਗਾਏ ਹਨ। ਬੁੱਧਵਾਰ ਨੂੰ ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਐੱਸਜੀਪੀਸੀ ਦੀਆਂ ਜ਼ਮੀਨਾਂ ਨੂੰ ਮਨਮਰਜ਼ੀ ਨਾਲ ਵੇਚਿਆ ਜਾ ਰਿਹਾ ਹੈ ਅਤੇ ਇਸ ਵਿੱਚ ਭ੍ਰਿਸ਼ਟਾਚਾਰ ਦੀ ਸ਼ੰਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੀ ਜਾਇਦਾਦ ਦੀ ਰੱਖਿਆ ਕਰਨਾ ਐੱਸਜੀਪੀਸੀ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਜ਼ਮੀਨਾਂ ਦੇ ਸੌਦਿਆਂ 'ਚ ਪਾਰਦਰਸ਼ਤਾ ਨਹੀਂ ਵਰਤੀ ਜਾ ਰਹੀ ਅਤੇ ਫ਼ੈਸਲੇ ਬਿਨਾਂ ਕਿਸੇ ਵਿਆਪਕ ਚਰਚਾ ਦੇ ਲਏ ਜਾ ਰਹੇ ਹਨ।
ਉਨ੍ਹਾਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੀ ਪਾਲਣਾ ਨਾ ਕਰਨ ਵਾਲੇ ਸੁਖਬੀਰ ਬਾਦਲ ਦੇ ਦਬਾਅ ਹੇਠ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਧਾਰਮਿਕ ਪਰੰਪਰਾਵਾਂ ਅਤੇ ਮਰਿਆਦਾਵਾਂ ਦੇ ਅਨੁਕੂਲ ਨਹੀਂ ਸੀ।
ਹੈੱਡ ਗ੍ਰੰਥੀ ਨੇ ਇਹ ਵੀ ਦੋਸ਼ ਲਾਇਆ ਕਿ ਐੱਸਜੀਪੀਸੀ 'ਚ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚਣ ਦੇ ਮਾਮਲੇ 'ਚ ਵੀ ਗੜਬੜੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਨਾਲ ਜੁੜੇ ਮਾਮਲਿਆਂ 'ਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਇਸ ਤੋਂ ਇਲਾਵਾ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਨੂੰ ਵੀ ਉਠਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਅਤਿ ਗੰਭੀਰ ਹੈ ਤੇ ਇਸ ਵਿਚ ਲਾਪਰਵਾਹੀ ਹੀ ਮੁੱਖ ਕਾਰਨ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਵਿਅਕਤੀ ਵਿਸ਼ੇਸ਼ 'ਤੇ ਹਮਲਾ ਕਰਨਾ ਨਹੀਂ, ਸਗੋਂ ਧਾਰਮਿਕ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੀ ਮਰਿਆਦਾ ਤੇ ਜਾਇਦਾਦ ਦੀ ਰਾਖੀ ਲਈ ਜਾਗਰੂਕ ਰਹਿਣ। ਇਸ ਬਿਆਨ ਤੋਂ ਬਾਅਦ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹੁਣ ਐੱਸਜੀਪੀਸੀ ਵੱਲੋਂ ਪ੍ਰਤੀਕਿਰਿਆ ਦੀ ਉਡੀਕ ਕੀਤੀ ਜਾ ਰਹੀ ਹੈ।