ਜਲੰਧਰ ਜ਼ਿਲ੍ਹੇ 'ਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ : ਹਰਪਾਲ ਚੀਮਾ
ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ।
Publish Date: Thu, 29 Jan 2026 08:16 PM (IST)
Updated Date: Thu, 29 Jan 2026 08:19 PM (IST)
ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ।
ਚੀਮਾ ਨੇ ਦੱਸਿਆ ਕਿ ਇਸ ਮਕਸਦ ਲਈ ਅੱਜ ਕੁੱਲ ਤਿੰਨ ਰਜਿਸਟਰੀਆਂ ਕ੍ਰਮਵਾਰ ਪਿੰਡ ਨੌਗਜਾ (64 ਕਨਾਲ਼ 5 ਮਰਲੇ-ਲਾਗਤ 5, 40, 98, 500/- ਰੁਪਏ), ਪਿੰਡ ਫਰੀਦਪੁਰ ਪਹਿਲੀ ਰਜਿਸਟਰੀ (2 ਕਨਾਲ਼- ਲਾਗਤ 16, 74000/- ਰੁਪਏ) ਅਤੇ ਪਿੰਡ ਫਰੀਦਪੁਰ ਵਿਖੇ ਦੂਜੀ ਰਜਿਸਟਰੀ (10 ਕਨਾਲ਼ 14 ਮਰਲੇ- ਲਾਗਤ 1, 44, 62, 150/- ਰੁਪਏ) ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁੱਲ ਤਿੰਨ ਰਜਿਸਟਰੀਆਂ 76 ਕਨਾਲ਼ 19 ਮਰਲੇ ਹੈ ਅਤੇ ਕੁੱਲ ਲਾਗਤ 7, 02, 54, 659/- ਰਪੁਏ ਹੈ।
ਚੀਮਾ ਨੇ ਕਿਹਾ ਕਿ ਸਾਨੂੰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ''ਤੇ ਮਾਣ ਹੈ। ਸਾਡੀ ਸਰਕਾਰ ਗੁਰੂ ਰਵਿਦਾਸ ਜੀ ਦੁਆਰਾ ਪ੍ਰਚਾਰੇ ਗਏ ਸਮਾਨਤਾ, ਦਇਆ ਅਤੇ ਸਮਾਜਿਕ ਨਿਆਂ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਫੈਲਾਉਣ ਲਈ ਸਮਰਪਿਤ ਹੈ।
ਉਨ੍ਹਾਂ ਕਿਹਾ ਕਿ ਇਹ ਅਧਿਐਨ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾਦਾਇਕ ਬੁੱਧੀ ਦੀ ਰੋਸ਼ਨੀ ਵਜੋਂ ਕੰਮ ਕਰੇਗਾ।ਇਸ ਉਪਰਾਲੇ ਦਾਮਕਸਦ ਨਵੀਂ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂੰ ਕਰਵਾਉਣਾ ਹੈ ਅਤੇ ਸਮਾਜਿਕ-ਆਰਥਿਕ ਪਾੜੇ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਕਦਮ ਹੋਰ ਅੱਗੇ ਵਧਾਉਣਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਉਦੇਸ਼ ਸੈਮੀਨਾਰਾਂ, ਪ੍ਰਕਾਸ਼ਨਾਂ ਅਤੇ ਭਾਈਚਾਰੇ ਅਧਾਰਿਤ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਖੋਜ, ਸੰਭਾਲ ਅਤੇ ਪ੍ਰਚਾਰ ਕਰਨਾ ਹੈ।