- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ ਅਹੁਦਾ

-ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਪ੍ਰਸ਼ਾਸਨ ’ਚ ਕੀਤੀ ਗਈ ਫੇਰਬਦਲ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਨੂੰ ਇਕ ਨਵਾਂ ਮੁਖੀ ਮਿਲ ਗਿਆ ਹੈ। ਮਲੇਰਕੋਟਲਾ ਤੋਂ ਤਬਦੀਲ ਹੋ ਕੇ ਆਏ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਸ਼ੁਕਰਵਾਰ ਜਲੰਧਰ ਦਿਹਾਤੀ ਦੇ ਐੱਸਐੱਸਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਪੁਲਿਸ ਦਫ਼ਤਰ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ 'ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰਤ ਤੌਰ 'ਤੇ ਕੰਮਕਾਜ ਸੰਭਾਲ ਲਿਆ। ਇਸ ਮੌਕੇ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਤੇ ਡੀਐੱਸਪੀ ਰੈਂਕ ਦੇ ਅਧਿਕਾਰੀ ਮੌਜੂਦ ਸਨ।
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਪਹਿਲਾਂ ਵੀ ਜਲੰਧਰ ਦਿਹਾਤੀ ’ਚ ਤਾਇਨਾਤ ਰਹਿ ਚੁੱਕੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਦੇ ਕਈ ਹੋਰ ਅਹਿਮ ਜ਼ਿਲ੍ਹਿਆਂ, ਜਿਵੇਂ ਕਿ ਬਟਾਲਾ, ਪਠਾਨਕੋਟ ਤੇ ਮਲੇਰਕੋਟਲਾ ’ਚ ਵੀ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੇ ਕੰਮ ਕਰਨ ਦੇ ਢੰਗ ’ਚ ਅਪਰਾਧ ਵਿਰੁੱਧ ਸਖ਼ਤ ਰਵੱਈਆ, ਪਾਰਦਰਸ਼ਤਾ ਤੇ 'ਜ਼ੀਰੋ ਟਾਲਰੈਂਸ' ਦੀ ਨੀਤੀ ਸ਼ਾਮਲ ਹੈ। ਅਹੁਦਾ ਸੰਭਾਲਣ ਤੋਂ ਬਾਅਦ ਐੱਸਐੱਸਪੀ ਖੱਖ ਨੇ ਸਪੱਸ਼ਟ ਕੀਤਾ ਕਿ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਵੱਲੋਂ ਅਪਰਾਧ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਅਨੁਸਾਰ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਅਪਰਾਧ ਇਕ ਸੱਭਿਅਕ ਸਮਾਜ ਲਈ ਗੰਭੀਰ ਚੁਣੌਤੀ ਹੈ ਤੇ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਸਮਝਣਾ ਚਾਹੀਦਾ ਹੈ। ਐੱਸਐੱਸਪੀ ਨੇ ਐਲਾਨ ਕੀਤਾ ਕਿ ਉਹ ਗੈਂਗਸਟਰਾਂ ਦੀਆਂ ਗਤੀਵਿਧੀਆਂ, ਨਸ਼ਾ ਤਸਕਰੀ ਤੇ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸਾਰੇ ਥਾਣਿਆਂ ਦੇ ਐੱਸਐੱਚਓਜ਼ ਨਾਲ ਮੀਟਿੰਗ ਕਰਨਗੇ। ਪੁਲਿਸ ਤੇ ਜਨਤਾ ਵਿਚਕਾਰ ਭਰੋਸੇ ਦੀ ਖਾਈ ਨੂੰ ਘਟਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ’ਚੋਂ ਇਕ ਰਹੇਗਾ।