ਵਿਨੋਦ ਕੁਮਾਰ ਅੱਪਰਾ : ਪੁਲਿਸ ਚੌਕੀ ਅੱਪਰਾ ਥਾਣਾ ਫਿਲੌਰ ਜਲੰਧਰ ਵਿਖੇ ਐੱਸਐੱਸਪੀ ਨਵੀਨ ਸਿੰਗਲਾ ਜਲੰਧਰ ਦਿਹਾਤੀ, ਡੀਐੱਸਪੀ ਫਿਲੌਰ ਹਰਲੀਨ ਸਿੰਘ, ਐੱਸਐੱਚਓ ਫਿਲੌਰ ਸੰਜੀਵ ਕਪੂਰ, ਥਾਣਾ ਮੁਖੀ ਗੁਰਾਇਆ ਪਰਮਿੰਦਰ ਸਿੰਘ ਤੇ ਚੌਕੀ ਇੰਚਾਰਜ ਸੁਖਵਿੰਦਰ ਪਾਲ ਸਿੰਘ ਸੋਢੀ ਨੇ ਅੱਪਰਾ ਅਧੀਨ ਆਉਂਦੇ 13 ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਤੇ ਮੋਹਤਬਰ ਵਿਅਕਤੀਆਂ ਨਾਲ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਦੌਰਾਨ ਸੰਬੋਧਨ ਕਰਦਿਆਂ ਐੱਸਐੱਸਪੀ ਨਵੀਨ ਸਿੰਗਲਾ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੰਦਾ ਹੈ ਤਾਂ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ, ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸਪਾਸ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦੱਸੇ ਸੰਪਰਕ ਨੰਬਰਾਂ 'ਤੇ ਪੁਲਿਸ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਅਖ਼ੀਰ ਚੌਕੀ ਇੰਚਾਰਜ ਸੁਖਵਿੰਦਰ ਪਾਲ ਸੋਢੀ ਨੇ ਪਿੰਡਾਂ ਤੋਂ ਆਏ ਮੋਹਤਬਰ ਵਿਅਕਤੀਆਂ ਦਾ ਧੰਨਵਾਦ ਕੀਤਾ।