ਐੱਸਐੱਸਪੀ ਵਿਰਕ ਨੇ ਦੇਰ ਰਾਤ ਸ਼ਾਹਕੋਟ ਦੇ ਹਾਈਟੈਕ ਨਾਕੇ ਦਾ ਲਿਆ ਜਾਇਜ਼ਾ
ਐੱਸਐੱਸਪੀ ਵਿਰਕ ਨੇ ਦੇਰ ਰਾਤ ਸ਼ਾਹਕੋਟ ਦੇ ਹਾਈਟੈਕ ਨਾਕੇ ਦਾ ਲਿਆ ਜਾਇਜ਼ਾ
Publish Date: Tue, 06 Jan 2026 09:27 PM (IST)
Updated Date: Tue, 06 Jan 2026 09:29 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੂਬੇ ’ਚ ਮਾੜੇ ਅਨਸਰਾਂ ਨੂੰ ਨੱਥ ਪਾਉਣ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਿਹਾ ਹੈ। ਇਸੇ ਤਹਿਤ ਬੀਤੀ ਦੇਰ ਰਾਤ ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਵੱਲੋਂ ਸ਼ਾਹਕੋਟ ਸਬ-ਡਵੀਜ਼ਨ ਅਧੀਨ ਪੈਂਦੇ ਸਤਲੁਜ ਦਰਿਆ ਦੇ ਕਾਵਾ ਪੱਤਣ ਵਿਖੇ ਲਗਾਏ ਗਏ ਹਾਈਟੈਕ ਨਾਕੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਵਿਰਕ ਦੀ ਨਿਗਰਾਨੀ ਹੇਠ ਨੈਸ਼ਨਲ ਹਾਈਵੇਅ ਤੋਂ ਲੰਘਣ ਵਾਲੇ ਸ਼ੱਕੀ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹੇ ਭਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਤੇ ਸੰਘਣੀ ਧੁੰਦ ਦਾ ਫ਼ਾਇਦਾ ਉਠਾ ਕੇ ਅਕਸਰ ਮਾੜੇ ਅਨਸਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਰੋਕਣ ਲਈ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ ਤੇ ਸੰਵੇਦਨਸ਼ੀਲ ਥਾਵਾਂ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਇਸ ਚੈਕਿੰਗ ਦੌਰਾਨ ਉਨ੍ਹਾਂ ਦੇ ਨਾਲ ਡੀਐੱਸਪੀ ਸ਼ਾਹਕੋਟ ਸੁਖਪਾਲ ਸਿੰਘ, ਮਾਡਲ ਥਾਣਾ ਸ਼ਾਹਕੋਟ ਦੇ ਸਬ-ਇੰਸਪੈਕਟਰ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਐੱਸਐੱਸਪੀ ਨੇ ਡਿਊਟੀ ਤੇ ਮੌਜੂਦ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਗਸ਼ਤ ਤੇਜ਼ ਕੀਤੀ ਜਾਵੇ ਤੇ ਸ਼ੱਕੀ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ ਤਾਂ ਜੋ ਜਨਤਾ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ’ਚ ਦੇਣ।