- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ‘ਚ ਸ਼ਾਮਲ ਕਿਸੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ: ਮੋਹਿੰਦਰ ਭਗਤ

-ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਧਿਆਨ ਕੇਂਦਰਿਤ ਕਰਨ ਦੀ ਹਦਾਇਤ
-ਜ਼ਮਾਨਤ ਜਾਂ ਪੈਰੋਲ ’ਤੇ ਬਾਹਰ ਆਏ ਨਸ਼ਾ ਤਸਕਰਾਂ ’ਤੇ ਵੀ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਜੰਗ ਵਿੱਢੀ ਹੋਈ ਹੈ ਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ’ਚ ਸ਼ਾਮਲ ਕਿਸੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਬਲਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਐੱਸਐੱਸਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰੀ ’ਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਹਿਲੀ ਮਾਰਚ 2025 ਤੋਂ 30 ਅਗਸਤ 2026 ਤੱਕ 58797 ਕੇਸ ਦਰਜ ਕਰਕੇ 76701 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਹਿੰਮ ਤਹਿਤ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਡੀਐੱਸਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਐੱਸਐੱਚਓਜ਼, ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ ਤੇ ਆਪਣੇ ਇਲਾਕਿਆਂ ’ਚ ਨਸ਼ਿਆਂ ਸਬੰਧੀ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਪੁਲਿਸ ਨੂੰ ਜ਼ਮਾਨਤ ਜਾਂ ਪੈਰੋਲ ’ਤੇ ਬਾਹਰ ਆਏ ਨਸ਼ਾ ਤਸਕਰਾਂ ’ਤੇ ਵੀ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤੀ। ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ’ਚ ਹਰ ਵਰਗ ਦੇ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਐੱਸਐੱਸਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਜਾਣੂ ਕਰਵਾਇਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ 1 ਮਾਰਚ 2025 ਤੋਂ ਹੁਣ ਤੱਕ 2815 ਕੇਸ ਦਰਜ ਕਰਕੇ 3980 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੜ ਵਸੇਬਾ ਯਤਨਾਂ ਤਹਿਤ ਹੁਣ ਤੱਕ 6500 ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਭੇਜਿਆ ਗਿਆ ਹੈ। ਅਖੀਰ ’ਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁਹਿੰਮ ਤਹਿਤ ਜ਼ਿਲ੍ਹਾ ਤੇ ਹਲਕੇ ਪੱਧਰ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ। ਮੀਟਿੰਗ ’ਚ ਡੀਐੱਸਪੀਜ਼, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਦਿਹਾਤੀ) ਅਜੈ ਭੀਲ ਤੋਂ ਇਲ਼ਾਵਾ ਹਲਕਾ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਆਦਿ ਵੀ ਮੌਜੂਦ ਸਨ।