ਪਿ੍ਰਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਹਰ ਸਾਲ ਵਾਂਗ ਇਸ ਵਾਰ ਵੀ ਖੇਤਾਂ 'ਚ ਝੋਨੇ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਅੱਗ ਲਾਈ ਜਾ ਰਹੀ ਹੈ। ਇਸ ਦੇ ਧੂੰਏਂ ਨਾਲ ਵਾਤਾਵਰਨ ਗੰਦਲਾ ਹੋ ਰਿਹਾ ਹੈ। ਕਈ ਜਗ੍ਹਾ ਕੌਮੀ ਮਾਰਗ 'ਤੇ ਵੀ ਧੂੰਆਂ ਫੈਲਿਆ ਹੋਇਆ ਹੈ। ਇਸ ਧੂੰਏਂ ਕਾਰਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੇ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਵਾਤਾਵਰਨ ਬਚਾਉਣ ਲਈ ਸਖ਼ਤੀ ਨਾਲ ਕੰਮ ਲਿਆ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਇਸ ਦੂਸ਼ਿਤ ਵਾਤਾਵਰਨ 'ਚ ਸਾਹ ਲੈਣਾ ਵੀ ਅੌਖਾ ਹੋ ਰਿਹਾ ਹੈ।

ਇਸ ਸਬੰਧੀ ਐੱਸਡੀਐੱਮ ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸਿਵਲ ਪ੍ਰਸ਼ਾਸਨ ਨੇ 20-20 ਪਿੰਡਾਂ ਦੀ ਜ਼ਿੰਮੇਵਾਰੀ ਦਿੱਤੀ ਹੈ, ਜੋ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਸੈਟੇਲਾਈਟ ਤੋਂ ਮਿਲੀਆਂ ਤਸਵੀਰਾਂ ਅਨੁਸਾਰ ਉਨ੍ਹਾਂ ਦੀ ਜਾਂਚ ਕਰਨਗੇ। ਇਸ ਦੀ ਰਿਪੋਰਟ ਪਟਵਾਰੀ ਨੂੰ ਭੇਜੀ ਜਾਵੇਗੀ, ਜੋ ਕਿ ਜ਼ਮੀਨ ਦੇ ਮਾਲਕ ਦੀ ਪਛਾਣ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਸਬ-ਡਵੀਜ਼ਨ ਅਧੀਨ ਹੁਣ ਤਕ 80 ਮਾਮਲੇ ਪ੍ਰਸ਼ਾਸਨ ਦੇ ਧਿਆਨ ਵਿਚ ਆਏ ਹਨ, ਜਿਨ੍ਹਾਂ 'ਚੋਂ 43 ਮਾਮਲਿਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਤੇ ਸਰਕਾਰੀ ਹਦਾਇਤਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।