ਸ਼ਾਹਕੋਟ ’ਚ ਆਵਾਰਾ ਕੁੱਤਿਆਂ ਦਾ ਦਹਿਸ਼ਤ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,
Publish Date: Fri, 13 Mar 2026 06:54 PM (IST)
Updated Date: Fri, 13 Mar 2026 06:57 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਸ਼ਹਿਰ ਦੀਆਂ ਗਲੀਆਂ ਵਿਚ ਘੁੰਮਦੇ ਕੁੱਤਿਆਂ ਦੇ ਝੁੰਡ ਨਾ ਸਿਰਫ਼ ਰਾਹਗੀਰਾਂ ਲਈ ਖ਼ਤਰਾ ਬਣ ਰਹੇ ਹਨ, ਸਗੋਂ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਵੀ ਬਣਾ ਚੁੱਕੇ ਹਨ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ‘ਆਪ’ ਦੇ ਟਕਸਾਲੀ ਆਗੂ ਬਲਜਿੰਦਰ ਸਿੰਘ ਖਿੰਡਾ ਨੇ ਮੁਹੱਲਾ ਅਜ਼ਾਦ ਨਗਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਹੈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇੱਕੋ ਸਮੇਂ ਵੱਡੀ ਗਿਣਤੀ ਵਿੱਚ ਕੁੱਤੇ ਗਲੀਆਂ ਵਿੱਚ ਘੁੰਮ ਰਹੇ ਹਨ। ਇਹ ਕੁੱਤੇ ਨਾ ਸਿਰਫ਼ ਪੈਦਲ ਚੱਲਣ ਵਾਲਿਆਂ 'ਤੇ ਹਮਲਾ ਕਰਦੇ ਹਨ, ਸਗੋਂ ਦੋ ਪਹੀਆ ਵਾਹਨ ਚਾਲਕਾਂ ਪਿੱਛੇ ਵੀ ਪੈ ਜਾਂਦੇ ਹਨ, ਜਿਸ ਕਾਰਨ ਕਈ ਵਾਰ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਬੱਚਿਆਂ ਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਸਥਾਨਕ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਕੁੱਤਿਆਂ ਨੇ ਕਈ ਲੋਕਾਂ ਨੂੰ ਵੱਢ ਕੇ ਜ਼ਖਮੀ ਵੀ ਕੀਤਾ ਹੈ। ਖਿੰਡਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਐੱਸਡੀਐੱਮ ਸ਼ਾਹਕੋਟ ਨੂੰ ਲਿਖਤੀ ਅਰਜ਼ੀ ਦੇ ਕੇ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਬੰਧਤ ਵਿਭਾਗਾਂ ਰਾਹੀਂ ਇਨ੍ਹਾਂ ਆਵਾਰਾ ਕੁੱਤਿਆਂ ਦਾ ਪ੍ਰਬੰਧ ਕਰਨ ਤਾਂ ਜੋ ਸ਼ਹਿਰ ਵਾਸੀ ਸੁੱਖ ਦਾ ਸਾਹ ਲੈ ਸਕਣ। ਸਥਾਨਕ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੂੰ ਅਪੀਲ ਕੀਤੀ ਹੈ ਕਿ ਉਹ ਸਬੰਧਤ ਵਿਭਾਗ ਰਾਹੀਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਦੀ ਵਧਦੀ ਗਿਣਤੀ ਨੂੰ ਰੋਕਿਆ ਜਾ ਸਕੇ ਜਾਂ ਇਨ੍ਹਾਂ ਕੁੱਤਿਆਂ ਨੂੰ ਫੜ ਕੇ ਸ਼ਹਿਰ ਤੋਂ ਬਾਹਰ ਸੁਰੱਖਿਅਤ ਥਾਵਾਂ 'ਤੇ ਛੱਡਿਆ ਜਾਵੇ ਤਾਂ ਜੋ ਲੋਕ ਸੁਰੱਖਿਅਤ ਰਹਿ ਸਕਣ।