ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਭੈੜੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
Publish Date: Tue, 21 Apr 2026 08:56 PM (IST)
Updated Date: Tue, 21 Apr 2026 09:01 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਾਇਆ ਥਾਣਾ ਅਧੀਨ ਪੁਲਿਸ ਚੌਕੀ ਦੁਸਾਂਝ ਕਲਾਂ ਦਾ ਚਾਰਜ ਸੰਭਾਲਣ ਤੋਂ ਬਾਅਦ ਥਾਣੇਦਾਰ ਜੀਵਨ ਕੁਮਾਰ ਨੇ ਕਿਹਾ ਕਿ ਇਲਾਕੇ ’ਚ ਭੈੜੇ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਨਸ਼ੇ ਦੇ ਕਾਰੋਬਾਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਪਬਲਿਕ ਦੀ ਸੇਵਾ ਲਈ 24 ਘੰਟੇ ਤਿਆਰ ਹੈ ਤੇ ਲੋਕ ਬਿਨਾਂ ਝਿਜਕ ਸਰਕਾਰੀ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਇਸ ਦੇ ਨਾਲ ਹੀ ਥਾਣੇਦਾਰ ਜੀਵਨ ਕੁਮਾਰ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰੈਸ਼ਰ ਹਾਰਨ ਤੇ ਫੈਂਸੀ ਨੰਬਰ ਪਲੇਟਾਂ ਵਰਤਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖਾਸ ਤੌਰ ’ਤੇ ਮਾਪਿਆਂ ਨੂੰ ਚਿਤਾਵਨੀ ਦਿੱਤੀ ਕਿ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਦੇਣ। ਜੇ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਮਾਪਿਆਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਦੀ ਹਦਾਇਤ ਵੀ ਦਿੱਤੀ।