ਪ੍ਰੀਖਿਆ ਕੇਂਦਰਾਂ ਤੇ ਹਸਪਤਾਲਾਂ ਨੇੜੇ ਡੀਜੇ ਵਜਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ
ਪ੍ਰੀਖਿਆ ਕੇਂਦਰਾਂ ਅਤੇ ਹਸਪਤਾਲਾਂ ਨੇੜੇ ਡੀਜੇ ਵਜਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ
Publish Date: Thu, 19 Feb 2026 07:49 PM (IST)
Updated Date: Fri, 20 Feb 2026 04:10 AM (IST)

- ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਆਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਤੇ ਮਰੀਜ਼ਾਂ ਲਈ ਸ਼ਾਂਤਮਈ ਮਾਹੌਲ ਯਕੀਨੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਤੇ ਹਸਪਤਾਲਾਂ ਨੇੜੇ ਡੀਜੇ ਨਾ ਵਜਾਉਣ ਦੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡੀਜੇ ਵਜਾਉਣ ਤੇ ਜਿੱਥੇ ਸਾਮਾਨ ਜ਼ਬਤ ਕੀਤਾ ਜਾਵੇਗਾ, ਉੱਥੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਉੱਚੀ ਆਵਾਜ਼ ’ਚ ਲਾਊਡ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਵੀ ਸਖ਼ਤ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਲਾਊਡ ਸਪੀਕਰਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਖਾਸ ਕਰਕੇ ਪ੍ਰੀਖਿਆਵਾਂ ਦੇ ਦਿਨਾਂ ’ਚ ਅਸੁਵਿਧਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲਾਂ ’ਚ ਦਾਖ਼ਲ ਮਰੀਜ਼ਾਂ ਨੂੰ ਵੀ ਬਹੁਤ ਜ਼ਿਆਦਾ ਸ਼ੋਰ ਕਰਕੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਪਹਿਲਾਂ ਹੀ ਸਾਈਲੈਂਸ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਡੀਜੇ/ਲਾਊਡ ਸਪੀਕਰਾਂ ਦੀ ਵਰਤੋਂ ਜਨਤਾ ਲਈ ਸਮੱਸਿਆਵਾਂ ਪੈਦਾ ਕਰ ਰਹੀ ਹੈ। ਡਾ. ਅਗਰਵਾਲ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਮੱਦੇਨਜ਼ਰ ਤੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਸ਼ਾਂਤੀ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਮਾਮਲਾ ਸਾਹਮਣੇ ਆਉਣ ਤੇ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਡੀਜੇ ਮਾਲਕਾਂ ਨੂੰ ਮੈਰਿਜ ਪੈਲੇਸਾਂ ’ਚ ਡੀਜੇ ਦੀ ਆਵਾਜ਼ ਨਿਰਧਾਰਿਤ ਸੀਮਾ ਦੇ ਅੰਦਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਉਲੰਘਣਾ ਕਰਨ ਦੀ ਸੂਰਤ ’ਚ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਉੱਚੀ ਆਵਾਜ਼ ’ਚ ਲਾਊਡ ਸਪੀਕਰ ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਲਈ ਵੀ ਕਿਹਾ।