‘ਆਪ੍ਰੇਸ਼ਨ ਪ੍ਰਹਾਰ’ ਤਹਿਤ ਗੈਂਗਸਟਰਾਂ ਖ਼ਿਲਾਫ਼ ਕੱਸਿਆ ਜਾਵੇਗਾ ਸ਼ਿਕੰਜਾ : ਐੱਸਐੱਸਪੀ
‘ਆਪ੍ਰੇਸ਼ਨ ਪ੍ਰਹਾਰ' ਤਹਿਤ ਗੈਂਗਸਟਰਾਂ ਖਿਲਾਫ ਕੱਸਿਆ ਜਾਵੇਗਾ ਸ਼ਿਕੰਜਾ : ਐੱਸਐੱਸਪੀ
Publish Date: Wed, 21 Jan 2026 08:04 PM (IST)
Updated Date: Wed, 21 Jan 2026 08:06 PM (IST)

ਡੀਐੱਸਪੀ ਦਫਤਰ ਸ਼ਾਹਕੋਟ ’ਚ ਤਿੰਨ ਥਾਣਿਆਂ ਦੇ ਮੁਲਾਜ਼ਮਾਂ ਨੂੰ ਦਿੱਤੀਆਂ ਹਦਾਇਤਾਂ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸੂਬੇ ’ਚ ਗੈਂਗਸਟਰ ਕਲਚਰ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਵੱਲੋਂ ਡੀਐੱਸਪੀ ਦਫ਼ਤਰ ਸ਼ਾਹਕੋਟ ਵਿਖੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਵੱਲੋਂ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੀਐੱਸਪੀ ਸ਼ਾਹਕੋਟ ਸੁਖਪਾਲ ਸਿੰਘ, ਐੱਸਐੱਚਓ ਸ਼ਾਹਕੋਟ ਬਲਵਿੰਦਰ ਸਿੰਘ ਭੁੱਲਰ, ਐੱਸਐੱਚਓ ਲੋਹੀਆਂ ਗੁਰਸ਼ਰਨ ਸਿੰਘ ਤੇ ਐੱਸਐੱਚਓ ਮਹਿਤਪੁਰ ਪੰਕਜ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਂਗਸਟਰਾਂ ਵਿਰੁੱਧ ‘ਆਪ੍ਰੇਸ਼ਨ ਪ੍ਰਹਾਰ ਲਾਂਚ ਕੀਤਾ ਗਿਆ ਹੈ। ਇਸ ਆਪ੍ਰੇਸ਼ਨ ਦੇ ਪਹਿਲੇ ਦਿਨ ਪੰਜਾਬ ਭਰ ਵਿੱਚ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਤੇ ਹੋਰ ਅਪਰਾਧਿਕ ਅਨਸਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਜ਼ਿਲ੍ਹੇ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਐੱਸਐੱਸਪੀ ਨੇ ਦੱਸਿਆ ਕਿ ਕੱਲ੍ਹ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ 600 ਪੁਲਿਸ ਮੁਲਾਜ਼ਮਾਂ ਦੀਆਂ 60 ਟੀਮਾਂ ਨੇ 67 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ 10 ਅਜਿਹੇ ਦੋਸ਼ੀ ਹਨ ਜੋ ਗੈਂਗਸਟਰਾਂ ਨੂੰ ਪਨਾਹ ਦਿੰਦੇ ਸਨ ਜਾਂ ਉਨ੍ਹਾਂ ਦੀ ਮਦਦ ਕਰਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚੋਂ ਗੈਂਗਸਟਰ ਕਲਚਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ ਅਤੇ ਪੁਲਿਸ ਵੱਲੋਂ ਸਮੇਂ-ਸਮੇਂ ਤੇ ਅਚਨਚੇਤ ਛਾਪੇਮਾਰੀ ਕੀਤੀ ਜਾਂਦੀ ਰਹੇਗੀ। ਐੱਸਐੱਸਪੀ ਵਿਰਕ ਨੇ ਕਿਹਾ ਕਿ ਪੁਲਿਸ ਅਧਿਕਾਰੀ ਖੁਦ ਫੀਲਡ ਵਿਚ ਰਹਿ ਕੇ ਟੀਮਾਂ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ ਤੇ ਅਪਰਾਧੀਆਂ ਵਿਚ ਡਰ ਪੈਦਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ ਤਾਂ ਜੋ ਸੂਬੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਪਰਾਧ ਮੁਕਤ ਬਣਾਇਆ ਜਾ ਸਕੇ।