ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਮੇਂ ਸਿਰ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਤੇ ਸਖ਼ਤ ਚੌਕਸੀ ਰੱਖੀ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣ ਦੇ ਮੰਤਵ ਤਹਿਤ ਸੇਵਾ ਕੇਂਦਰ ਖੋਲ੍ਹੇ ਗਏ ਹਨ, ਇਸ ਲਈ ਇਸ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੇਵਾ ਕੇਂਦਰਾਂ 'ਚ ਮੁਲਾਜ਼ਮਾਂ ਦੇ ਕੰਮ ਦਾ ਨਿਰੀਖਣ ਤੇ ਪ੍ਰਰਾਪਤ ਬਿਨੈਪੱਤਰਾਂ ਦਾ ਸਮੇਂ ਸਿਰ ਨਿਬੇੜਾ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੇਵਾ ਕੇਂਦਰਾਂ ਵੱਲੋਂ ਦਿਖਾਈ ਗਈ ਅਣਗਹਿਲੀ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਗਿਆ ਹੈ ਤੇ ਸੇਵਾ ਕੇਂਦਰਾਂ ਦੇ ਪ੍ਰਬੰਧਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸੇਵਾ ਕੇਂਦਰਾਂ ਦੇ ਪ੍ਰਬੰਧਕਾਂ ਨੁੂੰ ਕਿਹਾ ਕਿ ਸਾਰੇ ਸੇਵਾ ਕੇਂਦਰਾਂ ਦੇ ਬਾਹਰ ਫੀਸ ਦੇ ਬੈਨਰ ਲਾਏ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਸੇਵਾ ਕੇਂਦਰਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਰਾਹੁਲ ਸਿੰਧੂ, ਡਾ. ਸੰਜੀਵ ਕੁਮਾਰ ਸ਼ਰਮਾ, ਵਿਨੀਤ ਕੁਮਾਰ ਤੇ ਡਾ. ਜੈ ਇੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।