ਜਾਤੀ ਸੂਚਕ ਸ਼ਬਦ ਵਰਤਣ ਦੀ ਨਿਖੇਧੀ
ਜਨਗਣਨਾ ਪ੍ਰੋਫਾਰਮੇ ’ਚ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਦੀ ਸਖਤ ਨਿਖੇਧੀ
Publish Date: Mon, 11 May 2026 07:01 PM (IST)
Updated Date: Mon, 11 May 2026 07:03 PM (IST)

ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਪੰਜਾਬ ਸਰਕਾਰ ਵੱਲੋਂ ਜਨਗਣਨਾ 2026 ਸਬੰਧੀ ਜਾਰੀ ਕੀਤੇ ਗਏ ਆਨਲਾਈਨ ਪ੍ਰੋਫਾਰਮੇ ਵਿੱਚ ਜਾਤੀ ਕਾਲਮ ਦੌਰਾਨ ਕੁਝ ਅਨੁਸੂਚਿਤ ਜਾਤੀਆਂ ਲਈ ਵਰਤੇ ਗਏ ਅਪਮਾਨਜਨਕ ਅਤੇ ਵਰਜਿਤ ਸ਼ਬਦਾਂ ਦੀ ਅੰਬੇਡਕਰ ਕ੍ਰਾਂਤੀ ਸੈਨਾ ਦੇ ਪੰਜਾਬ ਪ੍ਰਧਾਨ ਸੋਢੀ ਖੋਸਲਾ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਗੈਰ-ਜ਼ਿੰਮੇਵਾਰ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸੋਢੀ ਖੋਸਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਦਲਿਤ ਭਾਈਚਾਰੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਦਲਿਤ ਭਾਈਚਾਰੇ ਤੋਂ ਜਨਤਕ ਤੌਰ ’ਤੇ ਮਾਫੀ ਮੰਗਣ ਦੀ ਅਪੀਲ ਕੀਤੀ। ਖੋਸਲਾ ਨੇ ਕਿਹਾ ਕਿ ਸਰਕਾਰੀ ਪ੍ਰੋਫਾਰਮੇ ਵਿੱਚ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕੁਝ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਜਾਤਪਾਤੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਨੁਸੂਚਿਤ ਜਾਤੀਆਂ ਲਈ ਰਾਖਵੇਂਕਰਨ ਦਾ ਲਾਹਾ ਲੈ ਕੇ ਸੰਸਦ ਅਤੇ ਵਿਧਾਨ ਸਭਾ ਤੱਕ ਪੁੱਜੇ, ਕਈ ਲੋਕਾਂ ਦੀ ਚੁੱਪ ਵੀ ਚਿੰਤਾਜਨਕ ਹੈ। ਇਸ ਮਾਮਲੇ ’ਤੇ ਕੌਮੀ ਤੇ ਰਾਜ ਅਨੁਸੂਚਿਤ ਜਾਤੀ ਕਮਿਸ਼ਨਾਂ ਦੀ ਚੁੱਪੀ ਨੂੰ ਵੀ ਉਨ੍ਹਾਂ ਨੇ ਨਿੰਦਨਯੋਗ ਕਰਾਰ ਦਿੱਤਾ। ਉਨ੍ਹਾਂ ਇਨਸਾਫਪਸੰਦ ਲੋਕਾਂ ਤੇ ਦਲਿਤ ਭਾਈਚਾਰੇ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਧਿਆਨ ਦੇਣ ਅਤੇ ਡੱਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ।