ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਦੀ ਕੀਤੀ ਨਿੰਦਾ
ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਦੀ ਕੀਤੀ ਕੜੀ ਨਿੰਦਾ
Publish Date: Thu, 07 May 2026 07:43 PM (IST)
Updated Date: Thu, 07 May 2026 07:44 PM (IST)

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਹਨ, ਜੋ ਪ੍ਰਦੇਸ਼ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਯਜਿਤ ਹੁਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਉਸ ਬਿਆਨ ਦੀ ਸਖਤ ਨਿੰਦਾ ਕੀਤੀ, ਜਿਸ ਵਿਚ ਇਨ੍ਹਾਂ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਉਨ੍ਹਾਂ ਇਸਨੂੰ ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਦੁਸ਼ਮਣੀ ਤੋਂ ਪ੍ਰੇਰਿਤ ਦੱਸਿਆ। ਯਜਿਤ ਹੁਰੀਆ ਨੇ ਕਿਹਾ ਕਿ ਪੂਰੇ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ 22 ਰਾਜਾਂ ਵਿਚ ਸਰਕਾਰ ਹੈ, ਜਿੱਥੇ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ ਕਾਨੂੰਨ-ਵਿਵਸਥਾ ਵਧੀਆ ਹੈ। ਇਸ ਦੇ ਉਲਟ ਪੰਜਾਬ ਵਿਚ ਡਰ ਦਾ ਮਾਹੌਲ ਬਣ ਚੁੱਕਾ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦਿਨੋਂ-ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ, ਜੋ ਬਹੁਤ ਹੀ ਚਿੰਤਾਜਨਕ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਦੀ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਧਮਾਕਿਆਂ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਾ ਹੋਣ।