- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਕੀ ਪੰਜਾਬ ਤੇ ਜਲੰਧਰ ਪ੍ਰਸ਼ਾਸਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਸਫ਼ਲਤਾ ਨੂੰ ਸੂਬੇ ਦੀਆਂ ਖੇਡਾਂ ਲਈ ਵੱਡਾ ਮੀਲ ਪੱਥਰ ਦੱਸਿਆ

-ਪੰਜਾਬ ਸਰਕਾਰ ਜਲੰਧਰ ’ਚ ਵੱਖ-ਵੱਖ ਕੌਮੀ ਤੇ ਕੌਮਾਂਤਰੀ ਹਾਕੀ ਟੂਰਨਾਮੈਂਟ ਲਿਆਉਣ ਲਈ ਪੁਰਜ਼ੋਰ ਯਤਨ ਕਰੇਗੀ : ਕੋਹਲੀ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ
ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ 'ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ' ਦੀ ਇਤਿਹਾਸਕ ਤੇ ਸ਼ਾਨਦਾਰ ਸਫ਼ਲਤਾ ਦੀ ਭਰਪੂਰ ਸ਼ਲਾਘਾ ਕੀਤੀ। ਇਹ ਟੂਰਨਾਮੈਂਟ ਪੰਜਾਬ ਵਿੱਚ ਪਹਿਲੀ ਵਾਰ ਜਲੰਧਰ ਤੇ ਮੋਹਾਲੀ ਵਿਖੇ ਕਰਵਾਇਆ ਗਿਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਮੋਹਾਲੀ ਦੋਵਾਂ ਥਾਵਾਂ 'ਤੇ ਸਟੇਡੀਅਮਾਂ ਦਾ ਕੰਮ ਤੇ ਅਪਗ੍ਰੇਡੇਸ਼ਨ ਮਹਿਜ਼ ਚਾਰ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਸਫ਼ਲਤਾਪੂਰਵਕ ਮੁਕੰਮਲ ਕੀਤੀ ਗਈ। ਉਨ੍ਹਾਂ ਦੱਸਿਆ ਕਿ 'ਹਾਕੀ ਇੰਡੀਆ' ਅਤੇ 'ਏਸ਼ੀਅਨ ਹਾਕੀ ਫੈਡਰੇਸ਼ਨ' ਨੇ ਅਧਿਕਾਰਤ ਸੰਚਾਰ ਰਾਹੀਂ ਕਿਹਾ ਕਿ ਦੇਸ਼ ਭਰ ਵਿੱਚ ਹੋਏ ਪਿਛਲੇ 50 ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚੋਂ ਜਲੰਧਰ-ਮੋਹਾਲੀ ਵਿਖੇ ਹੋਏ ਮੈਚਾਂ ਵਿੱਚ ਦਰਸ਼ਕਾਂ ਦੀ ਸਭ ਤੋਂ ਸ਼ਾਨਦਾਰ ਸ਼ਮੂਲੀਅਤ ਤੇ ਪ੍ਰਸ਼ੰਸਕਾਂ ਵੱਲੋਂ ਬੇਮਿਸਾਲ ਹੁੰਗਾਰਾ ਦੇਖਣ ਨੂੰ ਮਿਲਿਆ।
ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ-ਪ੍ਰਧਾਨ ਨਿਤਿਨ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਰਿਕਾਰਡ ਗਤੀ ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਅਤੇ ਸਮੁੱਚੇ ਪ੍ਰਬੰਧਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ ਕਿ ਖੇਡ ਜਗਤ ਅਤੇ ਸਥਾਨਕ ਵਸਨੀਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਪਣੇ ਸ਼ਹਿਰਾਂ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਲਾਈਵ ਦੇਖੇ, ਰੌਸ਼ਨ ਭਵਿੱਖ ਦਾ ਸੰਕੇਤ ਹੈ। ਕੋਹਲੀ ਨੇ ਕਿਹਾ ਕਿ ਉਹ 2027 ਦੇ ਹਾਕੀ ਵਿਸ਼ਵ ਕੱਪ ਜੂਨੀਅਰ ਦੀ ਮੇਜ਼ਬਾਨੀ ਪੰਜਾਬ ਵਿੱਚ ਲਿਆਉਣ ਲਈ ਪੁਰਜ਼ੋਰ ਯਤਨ ਕਰਨਗੇ, ਕਿਉਂਕਿ 'ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ' ਦੀ ਸ਼ਾਨਦਾਰ ਸਫ਼ਲਤਾ ਨੇ ਭਵਿੱਖ ਵਿੱਚ ਅਜਿਹੇ ਹੋਰ ਸਮਾਗਮਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਦੇ ਲੋਕਾਂ ਦਾ ਇਨ੍ਹਾਂ ਦੋਵਾਂ ਥਾਵਾਂ 'ਤੇ ਕਰਵਾਏ ਗਏ ਇਸ ਵੱਕਾਰੀ ਟੂਰਨਾਮੈਂਟ ਵਿੱਚ ਰਿਕਾਰਡ ਗਿਣਤੀ ਵਿੱਚ ਹਿੱਸਾ ਲੈਣ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਇਸ ਸਹਿਯੋਗ ਨੇ ਜਲੰਧਰ ਵਿੱਚ ਇਸ ਵੱਕਾਰੀ ਖੇਡ ਸਮਾਗਮ ਦੀ ਮੇਜ਼ਬਾਨੀ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।