
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਲੰਧਰ ’ਚ ‘ਹਮਾਰੇ ਰਾਮ’ ਦਾ ਸਫ਼ਲ ਮੰਚਨ

-ਪੰਜਾਬ ਸਰਕਾਰ ਭਗਵਾਨ ਸ਼੍ਰੀ ਰਾਮ ਜੀ ਦੇ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ : ਭਗਤ
-ਸਰਕਾਰ ਦਾ ਉਪਰਾਲਾ ਸਮਾਜ ’ਚ ਸੱਚ, ਧਰਮ, ਏਕਤਾ ਤੇ ਦਇਆ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰੇਗਾ : ਬਾਲੀ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਜਲੰਧਰ ਦੇ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਦੇ ਆਡੀਟੋਰੀਅਮ ਵਿਖੇ ਵਿਖੇ ‘ਹਮਾਰੇ ਰਾਮ’ ਨਾਟਕ ਦੇ ਪਹਿਲੇ ਦਿਨ ਦੋ ਸ਼ੋਅ ਕਰਵਾਏ ਗਏ, ਜਿਸ ’ਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਪਹਿਲੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਗਵਾਨ ਸ਼੍ਰੀ ਰਾਮ ਜੀ ਦੇ ਸਦੀਵੀ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਤੇ ਸਰਕਾਰ ਦੇ ਇਸ ਉਪਰਾਲੇ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ਼੍ਰੀ ਰਾਮ ਜੀ ਦੇ ਸੱਚ, ਧਰਮ, ਦਇਆ ਤੇ ਏਕਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਗਸਤ ਤੇ ਸਤੰਬਰ ਮਹੀਨੇ ਦੌਰਾਨ ਸੂਬੇ ਦੇ 12 ਸ਼ਹਿਰਾਂ ’ਚ ਇਸ ਪ੍ਰਸਿੱਧ ਨਾਟਕ ਦੇ 41 ਸ਼ੋਅ ਕਰਵਾਏ ਜਾ ਰਹੇ ਹਨ।
ਦੂਜੇ ਸ਼ੋਅ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ ਬੁੱਚਰ, ਤੁਰਣ ਖੰਨਾ ਤੇ ਟੀਮ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ੋਅ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਵੀ ਸੀਟੀ ਇੰਸਟੀਚਿਊਟ ਸ਼ਾਹਪੁਰ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਆਧਾਰਿਤ ਵਿਸ਼ਵ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਦੋ ਸ਼ੋਅ ਦੁਪਹਿਰ 2 ਤੇ ਸ਼ਾਮ 6.30 ਵਜੇ ਕਰਵਾਏ ਜਾਣਗੇ। ਇਸ ਮੌਕੇ ਰਾਵਣ ਦੇ ਕਿਰਦਾਰ ’ਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਤੇ ਸੰਵਾਦ ਅਦਾਇਗੀ ਨੇ ਦਰਸ਼ਕਾਂ ਤੋਂ ਖੂਬ ਤਾੜੀਆਂ ਖੱਟੀਆਂ। ਇਸੇ ਤਰ੍ਹਾਂ ਨਾਟਕ ਦੇ ਨਿਰਮਾਤਾ ਰਾਹੁਲ ਆਰ ਭੁੱਚਰ ਵੱਲੋਂ ਸ਼੍ਰੀ ਰਾਮ ਦੇ ਕਿਰਦਾਰ ਦੀ ਕੀਤੀ ਗਈ ਪ੍ਰਭਾਵਸ਼ਾਲੀ ਤੇ ਸੰਵੇਦਨਸ਼ੀਲ ਪੇਸ਼ਕਾਰੀ ਨੇ ਵੀ ਦਰਸ਼ਕਾਂ ਦੀ ਖੂਬ ਸ਼ਲਾਘਾ ਖੱਟੀ। ਜਦਕਿ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਤੇ ਕੈਲਾਸ਼ ਖੇਰ ਵਰਗੇ ਨਾਮਵਰ ਗਾਇਕਾਂ ਦੀਆਂ ਪਿੱਠਵਰਤੀ ਰੁਹਾਨੀ ਤੇ ਸੰਗੀਤਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐੱਸਡੀਐੱਮ ਸ਼ੁਭੀ ਆਂਗਰਾ, ਚਰਨਜੀਤ ਸਿੰਘ ਚੰਨੀ, ਚੇਅਰਮੈਨ ਤੇ ਚਾਂਸਲਰ ਸੀਟੀ ਗਰੁੱਪ ਤੇ ਸੀਟੀ ਯੂਨੀਵਰਸਿਟੀ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਤੇ ਹੋਰ ਉੱਘੀਆਂ ਸ਼ਖਸੀਅਤਾਂ ਵੀ ਮੌਜੂਦ ਸਨ।