ਸ਼ਾਹਕੋਟ ’ਚ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਰੈਲੀ 20 ਨੂੰ
ਸ਼ਾਹਕੋਟ ਵਿਖੇ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਰੈਲੀ 20 ਨੂੰ
Publish Date: Sat, 14 Mar 2026 06:40 PM (IST)
Updated Date: Sat, 14 Mar 2026 06:42 PM (IST)
-ਕੋਹਾੜ ਨੇ ਰੈਲੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ’ਚ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀ ਲੜੀ ਤਹਿਤ 20 ਮਾਰਚ ਨੂੰ ਦਾਣਾ ਮੰਡੀ ਸ਼ਾਹਕੋਟ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਇਤਿਹਾਸਕ ਬਣਾਉਣ ਤੇ ਤਿਆਰੀਆਂ ਸਬੰਧੀ ਜ਼ਿਲ੍ਹਾ ਜਲੰਧਰ ਦਿਹਾਤੀ ਪ੍ਰਧਾਨ ਅਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਗੱਲਬਾਤ ਕਰਦਿਆਂ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਝੂਠੇ ਲਾਰਿਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਨਸ਼ਿਆਂ ਦੇ ਵੱਧ ਰਹੇ ਕਹਿਰ ਨੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦਾ ਵੱਡਾ ਨੁਕਸਾਨ ਕੀਤਾ ਹੈ, ਜਿਸ ਕਾਰਨ ਅੱਜ ਸੂਬਾ ਹਰ ਫਰੰਟ ‘ਤੇ ਪੱਛੜ ਰਿਹਾ ਹੈ। ਉਨ੍ਹਾਂ ਕਿਹਾ ਕਿ 20 ਮਾਰਚ ਨੂੰ ਸ਼ਾਹਕੋਟ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਭਵਿੱਖੀ ਨੀਤੀਆਂ ਬਾਰੇ ਚਾਨਣਾ ਪਾਉਣਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪੰਥਕ, ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਪਾਰਟੀ ਹੈ, ਜਿਸਨੇ ਹਮੇਸ਼ਾ ਸੂਬੇ ਦੇ ਹੱਕਾਂ ਦੀ ਡਟ ਕੇ ਰਾਖੀ ਕੀਤੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਚਰਨ ਸਿੰਘ ਸਿੰਧੜ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ, ਸਕੱਤਰ ਸੁਰਿੰਦਰ ਸਿੰਘ ਕਾਲਾ, ਸਾਬਕਾ ਪ੍ਰਧਾਨ ਰਣਧੀਰ ਸਿੰਘ ਰਾਣਾ, ਜਸਵੀਰ ਸਿੰਘ ਸਿੰਧੜ, ਤਜਿੰਦਰ ਸਿੰਘ ਖਾਲਸਾ, ਅਮਨਪ੍ਰੀਤ ਸਿੰਘ ਮਿੰਟਾ, ਗੁਰਦੀਪ ਸਿੰਘ, ਬਖਸ਼ੀਸ਼ ਸਿੰਘ ਠੇਕੇਦਾਰ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।