- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਸਥਾਨ ਦੇ ਮੁੱਖ ਮੰਤਰੀ ਵੱਲੋਂ ਪਾਣੀ ਦੇ ਮੁੱਦੇ 'ਤੇ 1,44,000 ਕਰੋੜ ਰੁਪਏ ਦੀ ਰਾਇਲਟੀ ਦੇ ਬਿੱਲ ਭੇਜਣ ਸਬੰਧੀ ਕੋਈ ਕਾਨੂੰਨ ਨਾ ਹੋਣ ਦੀ ਕਹੀ ਗਈ ਗੱਲ ‘ਤੇ ਪ੍ਰਤੀਕਿਰਿਆ ਦਿੰਦਿਆਂ, ਸੁਖਬੀਰ ਬਾਦਲ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਸਿਰਫ਼ ਪੰਜਾਬ ਦਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਾਣਾ ਮੰਡੀ ਸ਼ਾਹਕੋਟ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸੂਬੇ ਦੇ ਪਾਣੀਆਂ ਦੇ ਮੁੱਦੇ, ਮੌਜੂਦਾ ਸਿਆਸੀ ਹਾਲਾਤ ਤੇ ਆਲੂ ਕਾਸ਼ਤਕਾਰਾਂ ਦੀ ਮਾੜੀ ਹਾਲਤ ਬਾਰੇ ਖੁੱਲ੍ਹ ਕੇ ਗੱਲ ਕੀਤੀ।
ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਪਿਛਲੇ 10 ਸਾਲਾਂ ਵਿਚ ਦੇਖ ਲਿਆ ਹੈ ਕਿ ਕਿਵੇਂ ‘ਲੁਟੇਰਿਆਂ’ ਨੇ ਸੂਬੇ ਨੂੰ ਤਬਾਹ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ ਹਰ ਬੱਚੇ, ਬਜ਼ੁਰਗ ਅਤੇ ਮਾਤਾ ਦੇ ਮਨ ਵਿੱਚ ਇਹ ਗੱਲ ਘਰ ਕਰ ਗਈ ਹੈ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ, ਜੋ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਹੀ ਸੂਬੇ ਨੂੰ ਬਚਾ ਸਕਦੀ ਹੈ। ਉਨ੍ਹਾਂ ਆਪਣੀਆਂ ਲਗਾਤਾਰ ਹੋ ਰਹੀਆਂ ਰੈਲੀਆਂ ਅਤੇ ਉਨ੍ਹਾਂ 'ਚ ਜੁੜ ਰਹੇ ਹਜ਼ਾਰਾਂ ਦੇ ਇਕੱਠ ਨੂੰ ਇਸੇ ਬਦਲਾਅ ਦਾ ਪ੍ਰਤੀਕ ਦੱਸਿਆ।
ਰਾਜਸਥਾਨ ਦੇ ਮੁੱਖ ਮੰਤਰੀ ਵੱਲੋਂ ਪਾਣੀ ਦੇ ਮੁੱਦੇ 'ਤੇ 1,44,000 ਕਰੋੜ ਰੁਪਏ ਦੀ ਰਾਇਲਟੀ ਦੇ ਬਿੱਲ ਭੇਜਣ ਸਬੰਧੀ ਕੋਈ ਕਾਨੂੰਨ ਨਾ ਹੋਣ ਦੀ ਕਹੀ ਗਈ ਗੱਲ ‘ਤੇ ਪ੍ਰਤੀਕਿਰਿਆ ਦਿੰਦਿਆਂ, ਸੁਖਬੀਰ ਬਾਦਲ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਸਿਰਫ਼ ਪੰਜਾਬ ਦਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਬਾਦਲ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਪਾਣੀ ਦੀ ਰਾਇਲਟੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਰਾਇਲਟੀ ਨਾ ਮਿਲੀ ਤਾਂ ਅਕਾਲੀ ਸਰਕਾਰ ਆਉਣ ‘ਤੇ ਰਾਜਸਥਾਨ ਦਾ ਪਾਣੀ ਬੰਦ ਕਰ ਦਿੱਤਾ ਜਾਵੇਗਾ।
ਪੰਜਾਬ ਵਿੱਚ ਆਲੂਆਂ ਦੇ ਡਿੱਗ ਰਹੇ ਭਾਅ ਅਤੇ ਕਿਸਾਨਾਂ ਵੱਲੋਂ ਫਸਲ ਵਾਹੁਣ ਲਈ ਮਜਬੂਰ ਹੋਣ ਦੇ ਮੁੱਦੇ 'ਤੇ ਬਾਦਲ ਨੇ ਪੰਜਾਬ ਸਰਕਾਰ ਨੂੰ ਤੁਰੰਤ ਕਦਮ ਚੁੱਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਆਲੂਆਂ ਦੇ ਮੌਜੂਦਾ ਬੁਰੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਖੁਦ ਮੰਡੀਆਂ ਵਿੱਚ ਦਾਖਲ ਹੋਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੀ ਫਸਲ ਖੁਦ ਖਰੀਦਣੀ ਚਾਹੀਦੀ ਹੈ ਅਤੇ ਫਿਰ ਇਸ ਆਲੂ ਨੂੰ ਸੂਬੇ ਦੇ ਗਰੀਬ ਲੋਕਾਂ ਵਿੱਚ ਵੰਡ ਦੇਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਦਾ ਨੁਕਸਾਨ ਨਾ ਹੋਵੇ ਅਤੇ ਲੋੜਵੰਦਾਂ ਨੂੰ ਮਦਦ ਮਿਲ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਹੁੰਦੀ ਤਾਂ ਉਹ ਇਸ ਸਮੱਸਿਆ ਨੂੰ ਇਸੇ ਤਰ੍ਹਾਂ ਹੱਲ ਕਰਦੇ।