- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਹਿਰਾ ਨੇ ਦਾਅਵਾ ਕੀਤਾ ਹੈ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜਨਵਰੀ 2024 ਦੌਰਾਨ ਚਾਰ ਦਿਨਾਂ ਲਈ ਕੈਨੇਡਾ ਦੇ ਨਿੱਜੀ ਦੌਰੇ ’ਤੇ ਗਏ ਸਨ ਪਰ ਇਸ ਨੂੰ ਸਰਕਾਰੀ ਦੌਰਾ ਦਿਖਾ ਕੇ ਸਰਕਾਰੀ ਖਜ਼ਾਨੇ ’ਚੋਂ ਤਿੰਨ ਲੱਖ ਰੁਪਏ ਲਏ ਗਏ। ਇਸ ਦੇ ਨਾਲ ਹੀ ਪੰਜਾਬ ’ਚ ਪੇਪਰ ਲੀਕ ਹੋਣ ਦਾ ਦਾਅਵਾ ਕਰਦਿਆਂ ਖਹਿਰਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ।

ਦਵਿੰਦਰ ਕੁਮਾਰ, ਪੰਜਾਬੀ ਜਾਗਰਣ, ਜਲੰਧਰ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਨੈਤਿਕਤਾ ਅਤੇ ਸਰਕਾਰੀ ਖ਼ਜ਼ਾਨੇ/ਜਨਤਾ ਨਾਲ ਹੋਈ ਧੋਖਾਧੜੀ ਤੇ ਗੜਬੜੀਆਂ ਦੇ ਗੰਭੀਰ ਦੋਸ਼ਾਂ ਦੇ ਆਧਾਰ ’ਤੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਮੰਤਰੀਆਂ ਵਿਰੁੱਧ ਮੋਰਚਾ ਖੋਲ੍ਹਦਿਆਂ ਕਈ ਗੰਭੀਰ ਦੋਸ਼ ਲਾਏ ਹਨ।
ਖਹਿਰਾ ਨੇ ਦਾਅਵਾ ਕੀਤਾ ਹੈ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜਨਵਰੀ 2024 ਦੌਰਾਨ ਚਾਰ ਦਿਨਾਂ ਲਈ ਕੈਨੇਡਾ ਦੇ ਨਿੱਜੀ ਦੌਰੇ ’ਤੇ ਗਏ ਸਨ ਪਰ ਇਸ ਨੂੰ ਸਰਕਾਰੀ ਦੌਰਾ ਦਿਖਾ ਕੇ ਸਰਕਾਰੀ ਖਜ਼ਾਨੇ ’ਚੋਂ ਤਿੰਨ ਲੱਖ ਰੁਪਏ ਲਏ ਗਏ।
ਇਸ ਦੇ ਨਾਲ ਹੀ ਪੰਜਾਬ ’ਚ ਪੇਪਰ ਲੀਕ ਹੋਣ ਦਾ ਦਾਅਵਾ ਕਰਦਿਆਂ ਖਹਿਰਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ।
ਕਾਕਰੋਚ ਜਨਤਾ ਪਾਰਟੀ ਨੂੰ ਆਮ ਆਦਮੀ ਪਾਰਟੀ ਦੀ ਮਦਦਗਾਰ ਦੱਸਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ’ਚ ਹੋਏ ਪੇਪਰ ਲੀਕ ਮਾਮਲੇ ’ਤੇ ਉਨ੍ਹਾਂ ਵੱਲੋਂ ਨਾ ਤਾਂ ਕੋਈ ਬਿਆਨ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਵਿਰੋਧ ਜਤਾਇਆ ਗਿਆ ਹੈ।
ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਦੇ ਬਾਵਜੂਦ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਨਾ ਕੀਤੇ ਜਾਣ ’ਤੇ ਵੀ ਸਰਕਾਰ ਦੀ ਕਰੜੀ ਨਿੰਦਾ ਕੀਤੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਜ਼ੀਰੋ ਟਾਲਰੈਂਸ ਅਤੇ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ’ਚ ਆਈ ਸੀ ਪਰ ਅੱਜ ਇਸ ਦੇ ਆਪਣੇ ਮੰਤਰੀ ਗੰਭੀਰ ਵਿਵਾਦਾਂ ਅਤੇ ਘੁਟਾਲਿਆਂ ਦੇ ਘੇਰੇ ਵਿੱਚ ਹਨ।
ਖਹਿਰਾ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਤਰੀ ਆਪਣੇ ਅਹੁਦੇ ’ਤੇ ਬਕਰਾਰ ਰਹਿਣਗੇ, ਉਦੋਂ ਤੱਕ ਕਿਸੇ ਵੀ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਅਸੰਭਵ ਹੈ। ਸੱਤਾ ਅਤੇ ਅਹੁਦੇ ਦਾ ਇੰਸਤੇਮਾਲ ਕਰਕੇ ਜਾਂਚ ਪ੍ਰਕਿਰਿਆ ਅਤੇ ਸਬੂਤਾਂ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ।
ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਨਾਲ ਜੁੜੀਆਂ ਵੱਖ-ਵੱਖ ਗੜਬੜੀਆਂ ਅਤੇ ਵਿੱਤੀ ਅਨਿਯਮਤਤਾਵਾਂ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਦੋਸ਼ਾਂ ਦੇ ਚਲਦਿਆਂ ਹਰਜੋਤ ਬੈਂਸ ਕੋਲ ਮੰਤਰੀ ਦੀ ਕੁਰਸੀ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਜੇਕਰ ਸਰਕਾਰ ਵਿੱਚ ਥੋੜ੍ਹੀ ਜਿਹੀ ਵੀ ਨੈਤਿਕਤਾ ਬਾਕੀ ਹੈ ਤਾਂ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਮੰਤਰੀ ਮੰਡਲ ਤੋਂ ਲਾਂਭੇ ਕੀਤਾ ਜਾਵੇ। ਅਹੁਦੇ ’ਤੇ ਰਹਿੰਦਿਆਂ ਨਿਰਪੱਖ ਜਾਂਚ ਨਹੀਂ ਹੋ ਸਕਦੀ, ਇਸ ਲਈ ਅਸਤੀਫ਼ਾ ਦੇ ਕੇ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਫਿਲਹਾਲ ਇਸ ਬਿਆਨ ਅਤੇ ਵਿਰੋਧੀ ਧਿਰ ਦੇ ਹਮਲਿਆਂ ’ਤੇ ਆਮ ਆਦਮੀ ਪਾਰਟੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖਹਿਰਾ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।