ਜਲੰਧਰ- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਡੇਰਾ ਸੱਚਾ ਸੌਦਾ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ। ਜਾਖੜ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਡੇਰਾ ਸੱਚਾ ਸੌਦਾ ਤੋਂ ਸਮਰਥਨ ਲਏ ਜਾਣ ਦਾ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਜਾਖੜ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਹਰ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਅਕਾਲੀ ਦਲ ਅਜੇ ਵੀ ਡੇਰਾ ਸੱਚਾ ਸੌਦਾ ਤੋਂ ਸਮਰਥਨ ਨੂੰ ਲੈ ਕੇ ਪਾਜ਼ੇਟਿਵ ਹੈ। ਬੀਬੀ ਜਗੀਰ ਕੌਰ ਅਕਾਲੀ ਦਲ ਸੀਨੀਅਰ ਲੀਡਰ ਹੈ ਤੇ ਦੋ ਵਾਰ ਐੱਸਜੀਪੀਸੀ ਪ੍ਰਧਾਨ ਰਹੀ ਹੈ। ਉਨ੍ਹਾਂ ਵੀ ਸਾਫ ਨਹੀਂ ਕੀਤਾ ਕਿ ਡੇਰੇ ਤੋਂ ਸਮਰਥਨ ਲੈਣ 'ਤੇ ਪਾਰਟੀ ਦਾ ਕੀ ਰੁਖ਼ ਹੈ।

ਸੁਨੀਲ ਜਾਖੜ ਨੇ ਦੋਸ਼ ਲਗਾਇਆ ਕਿ ਲੋਕ ਸਭਾ ਚੋਣਾਂ 'ਚ ਵੋਟ ਹਾਸਿਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਡੇਰਾ ਸੱਚਾ ਸੌਦਾ ਨਾਲ ਗੰਢਤੁੱਪ ਕਰ ਰਿਹਾ ਹੈ। ਸ਼੍ਰੋਅਦ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਵੋਟ ਹਾਸਿਲ ਕਰਨ ਲਈ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਜਾਖੜ ਨੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਬਿਆਨ ਬਹੁਤ ਹੀ ਹੈਰਾਨ ਕਰਨ ਵਾਲਾ ਹੈ। ਅਜਿਹੇ ਬਿਆਨਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵੋਟ ਹਾਸਿਲ ਕਰਨ ਲਈ ਅਕਾਲੀ ਦਲ ਲੋਕਾਂ ਨਾਲ ਕਿਸ ਤਰ੍ਹਾਂ ਧੋਖਾ ਕਰ ਰਿਹਾ ਹੈ।

Posted By: Amita Verma