ਗਣਤੰਤਰ ਦਿਵਸ ਮੌਕੇ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ

ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ, ਵਿਕਾਸ ਕਾਰਜਾਂ ਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਨੂੰ ਦਰਸਾਉਂਦੀਆਂ ਸ਼ਾਨਦਾਰ 12 ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਕੱਢੀਆਂ ਗਈਆਂ ਵੱਖ-ਵੱਖ ਝਾਕੀਆਂ ’ਚੋਂ ਖੇਡ ਵਿਭਾਗ ਦੀ ਝਾਕੀ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਝਾਕੀ ਰਾਹੀਂ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਨੂੰ ਦਰਸਾਇਆ ਗਿਆ।
ਇਸੇ ਤਰ੍ਹਾਂ ਜਲ ਸਰੋਤ ਤੇ ਭੂ ਵਿਗਿਆਨ ਵਿਭਾਗ ਵੱਲੋਂ ਪੇਸ਼ ਕੀਤੀ ਗਈ ਝਾਕੀ ਨੇ ਦੂਜਾ ਸਥਾਨ ਹਾਸਲ ਕੀਤਾ, ਜਿਸ ’ਚ ਹੜ੍ਹਾਂ ਦੌਰਾਨ ਜਾਨ-ਮਾਲ ਦੀ ਸੁਰੱਖਿਆ, ਨਹਿਰਾਂ ਤੇ ਦਰਿਆਵਾਂ ਦੀ ਸੰਭਾਲ, ਹੜ੍ਹ ਰੋਕਥਾਮ ਤੇ ਸੁੱਕੇ ਹਾਲਾਤ ’ਚ ਪਾਣੀ ਦੀ ਸਹੀ ਵੰਡ ਲਈ ਨਿਰੰਤਰ ਕੰਮ, ਨਹਿਰਾਂ ਦੇ ਵਹਾਅ ਦੀ ਨਿਗਰਾਨੀ, ਬੰਨ੍ਹਾਂ ਤੇ ਜਲ ਢਾਂਚਿਆਂ ਦੀ ਸੁਰੱਖਿਆ, ਪਾਣੀ ਨਾਲ ਸਬੰਧਤ ਵਿਵਾਦਾਂ ਦਾ ਨਿਆਂ ਸੰਗਤ ਨਿਪਟਾਰਾ ਤੇ ਜਲ ਸਰੋਤਾਂ ਦੀ ਨਿਗਰਾਨੀ ਰਾਹੀਂ ਜਲ ਸਰੋਤਾਂ ਦੀ ਸੁਰੱਖਿਆ ਤੇ ਸਹੀ ਵਰਤੋਂ ਪ੍ਰਤੀ ਜਾਗਰੂਕ ਕੀਤਾ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਸਬੰਧੀ ਕੱਢੀ ਗਈ ਝਾਕੀ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਝਾਕੀ ਰਾਹੀਂ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਤਹਿਤ ਸੂਬੇ ਅੰਦਰ ਲੜਕੀਆਂ ਨੂੰ ਹਰ ਖੇਤਰ ’ਚ ਬਰਾਬਰ ਦੇ ਮੌਕੇ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਝਾਕੀ ਰਾਹੀਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਪਿੰਡਾਂ ਦੇ ਗੈਰ ਹੁਨਰਮੰਦ ਲੋਕਾਂ ਨੂੰ ਰੋਜ਼ਗਾਰ ਦੇ ਕੇ ਪਿੰਡਾਂ ’ਚ ਮਾਡਲ ਖੇਡ ਮੈਦਾਨ ਤਿਆਰ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਦੀ ਦ੍ਰਿੜਤਾ ਉਜਾਗਰ ਕੀਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਪੇਸ਼ ਕੀਤੀ ਗਈ ਝਾਕੀ ਰਾਹੀਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ’ਚ 22 ਜਨਵਰੀ ਤੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ’ਤੇ ਝਾਤ ਪੁਆਈ ਗਈ। ਕੋ-ਆਪ੍ਰੇਟਿਵ ਸੁਸਾਇਟੀ ਜਲੰਧਰ ਦੀ ਝਾਕੀ ’ਚ ਸੂਬਾ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਰਾਹੀਂ ਮੈਂਬਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ’ਤੇ ਚਾਨਣਾ ਪਾਇਆ ਗਿਆ ਹੈ। ਸਿੱਖਿਆ ਵਿਭਾਗ ਦੀ ਝਾਕੀ ਰਾਹੀਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ’ਚ ਕੀਤੀਆਂ ਗਈਆਂ ਕ੍ਰਾਂਤੀਕਾਰੀ ਪਹਿਲਕਦਮੀਆਂ ਜਿਵੇਂ ਕਿ ਸਕੂਲ ਆਫ ਐਮੀਨੈਂਸ, ਮੁਫ਼ਤ ਬੱਸ ਸੇਵਾ, ਸਮਾਰਟ ਕਲਾਸ ਰੂਮ, ਸਿੱਖਿਆ ਕ੍ਰਾਂਤੀ, ਮੈਗਾ ਪੀਟੀਐੱਮ, ਐੱਮਐੱਸਐੱਮਸੀ ਟ੍ਰੇਨਿੰਗ ਆਦਿ ਵਰਗੀਆਂ ਪਹਿਲਕਦਮੀਆਂ ਨੂੰ ਦਰਸਾਇਆ ਗਿਆ। ਇਸੇ ਤਰ੍ਹਾਂ ਸੀਐੱਮ ਦੀ ਯੋਗਸ਼ਾਲਾ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੀਐੱਸਪੀਸੀਐੱਲ ਤੇ ਜ਼ਿਲ੍ਹਾ ਉਦਯੋਗ ਕੇਂਦਰ ਦੀ ਝਾਕੀ ਵੀ ਕੱਢੀ ਗਈ।