ਟੀਈਟੀ ਸਬੰਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਵਿਰੋਧ
ਟੀਈਟੀ ਸਬੰਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਅਧਿਆਪਕਾਂ ਵੱਲੋਂ ਵਿਰੋਧ
Publish Date: Wed, 11 Feb 2026 06:39 PM (IST)
Updated Date: Wed, 11 Feb 2026 06:41 PM (IST)

-22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਾਂਝਾ ਅਧਿਆਪਕ ਮੋਰਚਾ ਦੇ ਝੰਡੇ ਹੇਠ ਬਲਾਕ ਭੋਗਪੁਰ ਦੀਆਂ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਵੱਲੋਂ ਭੋਗਪੁਰ ਬੱਸ ਸਟੈਂਡ ’ਤੇ ਇਕੱਠ ਕਰਕੇ ਟੀਈਟੀ (ਟੀਚਰ ਐਲਿਜੀਬਿਲਟੀ ਟੈਸਟ) ਸਬੰਧੀ ਜਾਰੀ ਨਵੇਂ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਨਵੇਂ ਪੱਤਰ ਅਨੁਸਾਰ ਹੁਣ ਤਰੱਕੀ ਲਈ ਟੀਈਟੀ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ, ਜਦਕਿ ਪਹਿਲਾਂ ਤਰੱਕੀ ਸੀਨੀਅਰਤਾ ਤੇ ਤਜਰਬੇ ਦੇ ਆਧਾਰ ’ਤੇ ਹੁੰਦੀ ਸੀ। ਉਨ੍ਹਾਂ ਕਿਹਾ ਕਿ ਐੱਨਸੀਟੀਈ ਦੇ 2010 ਤੇ 2011 ਦੇ ਨੋਟੀਫਿਕੇਸ਼ਨਾਂ ਅਨੁਸਾਰ ਪੁਰਾਣੇ ਅਧਿਆਪਕਾਂ ਲਈ ਇਹ ਸ਼ਰਤ ਲਾਗੂ ਨਹੀਂ ਹੁੰਦੀ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ 14-09-2017 ਦੇ ਪੱਤਰ ਰਾਹੀਂ ਛੋਟ ਵੀ ਦਿੱਤੀ ਗਈ ਸੀ ਪਰ ਹੁਣ 07-02-2026 ਨੂੰ ਜਾਰੀ ਪੱਤਰ ਰਾਹੀਂ ਮਾਸਟਰ ਕਾਡਰ ਦੀਆਂ ਤਰੱਕੀਆਂ ਲਈ ਟੀਈਟੀ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਨਾਲ ਅਧਿਆਪਕ ਵਰਗ ’ਚ ਰੋਸ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਅਧਿਆਪਕਾਂ ਨੂੰ ਬਿਨਾਂ ਲੋੜ ਉਲਝਾ ਰਹੀ ਹੈ ਤੇ ਪੁਰਾਣੇ-ਨਵੇਂ ਅਧਿਆਪਕਾਂ ’ਚ ਵੰਡ ਪਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਫੈਸਲਾ ਵਾਪਸ ਨਾ ਲਿਆ ਗਿਆ ਤਾਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਦੇ ਆਗੂ ਤੇ ਮੈਂਬਰ ਹਾਜ਼ਰ ਸਨ।