ਰਬੜ ਫੈਕਟਰੀ ’ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
ਇੰਡਸਟਰੀ ਏਰੀਆ ਦੀ ਰਬੜ ਫੈਕਟਰੀ ’ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Publish Date: Mon, 13 Apr 2026 10:03 PM (IST)
Updated Date: Mon, 13 Apr 2026 10:07 PM (IST)
-ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ’ਤੇ ਪਾਇਆ ਕਾਬੂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ਦੇ ਇੰਡਸਟਰੀ ਏਰੀਆ ’ਚ ਸਥਿਤ ਅਨਮੋਲ ਰਬੜ ਫੈਕਟਰੀ ਵਿੱਚ ਅਚਾਨਕ ਲੱਗੀ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ। ਅੱਗ ਲੱਗਦੇ ਹੀ ਫੈਕਟਰੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਫੈਕਟਰੀ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ। ਅੱਗ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਇਰ ਬ੍ਰਿਗੇਡ ਵਿਭਾਗ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਲਾਈਆਂ ਗਈਆਂ। ਕਾਫੀ ਮਿਹਨਤ ਤੇ ਫੋਮ ਦੀ ਵਰਤੋਂ ਕਰਦੇ ਹੋਏ ਅੱਗ ’ਤੇ ਕਾਬੂ ਪਾਇਆ ਗਿਆ। ਹਾਲਾਂਕਿ ਉਦੋਂ ਤੱਕ ਫੈਕਟਰੀ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ, ਟੀਮ ਤੁਰੰਤ ਮੌਕੇ ’ਤੇ ਪੁੱਜ ਗਈ ਸੀ। ਅੱਗ ਕਾਫੀ ਭਿਆਨਕ ਸੀ, ਇਸ ਲਈ ਇਸ ਨੂੰ ਬੁਝਾਉਣ ਲਈ ਖਾਸ ਤੌਰ ’ਤੇ ਫੋਮ ਦੀ ਵਰਤੋਂ ਕਰਨੀ ਪਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਫੈਕਟਰੀ ’ਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਨਹੀਂ ਸਨ, ਜੋ ਅੱਗ ਦੇ ਤੇਜ਼ੀ ਨਾਲ ਫੈਲਣ ਦਾ ਇੱਕ ਵੱਡਾ ਕਾਰਨ ਬਣਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਖੁਸਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।