ਰੋਡਵੇਜ਼ ਬੱਸ ਨਾਲ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਜਲੰਧਰ ’ਚ ਭਿਆਨਕ ਸੜਕ ਹਾਦਸਾ
Publish Date: Tue, 21 Apr 2026 06:56 PM (IST)
Updated Date: Tue, 21 Apr 2026 06:58 PM (IST)

-ਬੱਸ ਛੱਡ ਕੇ ਡਰਾਈਵਰ ਫਰਾਰ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਛੇ ਦੀ ਹੱਦ ’ਚ ਪੈਂਦੇ ਚੁਨਮੁਨ ਮਾਲ ਨੇੜੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਨੱਥੂਚਾਹਲ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਤੇ ਮੋਟਰਸਾਈਕਲ ਸਵਾਰ ਇਕੋ ਦਿਸ਼ਾ ’ਚ ਬੱਸ ਸਟੈਂਡ ਵੱਲ ਜਾ ਰਹੇ ਸਨ। ਇਕ ਚੌਕ ਨੂੰ ਪਾਰ ਕਰਦੇ ਸਮੇਂ ਦੋਵਾਂ ਵਾਹਨਾਂ ਵਿਚਾਲੇ ਇਕ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ, ਬੱਸ ਨੰਬਰ ਪੀਬੀ-04-ੲੲ-7371 ਨੇ ਮੋਟਰਸਾਈਕਲ ਨੰਬਰ ਪੀਬੀ-09-ਕਿੳ-1716 ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪੁੱਜੀ, ਦੋਵਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੋਂ ਭੱਜ ਗਿਆ। ਪੁਲਿਸ ਫਿਲਹਾਲ ਉਸ ਦੀ ਪਛਾਣ ਕਰਨ ਤੇ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੰਜਾਬ ਰੋਡਵੇਜ਼ ਦੇ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ ਤੇ ਜਾਂਚ ’ਚ ਸਹਿਯੋਗ ਕਰ ਰਹੇ ਹਨ। ਥਾਣਾ ਛੇ ਦੇ ਐੱਸਐੱਚਓ ਇੰਸਪੈਕਟਰ ਰਾਜਵੰਤ ਕੌਰ ਨੇ ਕਿਹਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ’ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।